By Gurlal
ਬਠਿੰਡਾ ਸ਼ਹਿਰ ਨੂੰ ਨਮੂਨੇ ਦੇ ਤੌਰ ’ਤੇ ਕੀਤਾ ਜਾਵੇਗਾ ਵਿਕਸ਼ਿਤ : ਮਨਪ੍ਰੀਤ ਬਾਦਲ
260 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟ ਕੀਤੇ ਜਾਣਗੇ ਮੁਕੰਮਲ
ਕਿਹਾ, ਆਉਣ ਵਾਲੀ ਦੀਵਾਲੀ ਤੱਕ ਸਮੂਹ ਵਿਕਾਸ ਕਾਰਜਾਂ ਨੂੰ ਚਾੜਿਆ ਜਾਵੇਗਾ ਨੇਪਰੇ
ਰਮਨ ਗੋਇਲ ਚੁਣੇ ਗਏ ਨਗਰ ਨਿਗਮ ਬਠਿੰਡਾ ਦੇ ਮੇਅਰ
ਅਸ਼ੋਕ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਹਰਮੰਦਰ ਸਿੰਘ ਬਣੇ ਡਿਪਟੀ ਮੇਅਰ
ਬਠਿੰਡਾ, 15 ਅਪ੍ਰੈਲ : 260 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਆਉਣ ਵਾਲੀ ਦੀਵਾਲੀ ਤੱਕ ਸ਼ਹਿਰ ਦੇ ਸਾਰੇ ਪ੍ਰਮੁੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਉਪਰੰਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਚੋਣ ਉਪਰੰਤ ਮੀਡੀਆ ਨਾਲ ਗਲਬਾਤ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਉਸ ਦੀਆਂ ਨਜ਼ਰਾਂ ਵਿਚ ਸ਼ਹਿਰ ਦਾ ਹਰ ਐਮ.ਸੀ. ਮੇਅਰ ਹੈ ਅਤੇ ਕਿਸੇ ਵੀ ਐਮ.ਸੀ. ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ। ਉਨਾਂ ਫ਼ਖਰ ਮਹਿਸੂਸ ਕਰਦਿਆਂ ਕਿਹਾ ਕਿ 53 ਸਾਲਾ ਬਾਅਦ ਕਾਂਗਰਸ ਪਾਰਟੀ ਨੂੰ ਬਠਿੰਡਾ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਚੁਣਨ ਦਾ ਮਾਣ ਹਾਸਲ ਹੋਇਆ ਹੈ।
ਵਿੱਤ ਮੰਤਰੀ ਸ. ਬਾਦਲ ਨੇ ਵਿਸ਼ਵਾਸ਼ ਦਿਵਾਇਆ ਕਿ ਬਠਿੰਡਾ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। 260 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਜਿਵੇਂ ਕਿ ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਲਟੀਪਰਪਜ਼ ਪਾਰਕਿੰਗ, ਬੱਸ ਸਟੈਂਡ ਤੋਂ ਇਲਾਵਾ ਪਟਿਆਲਾ ਫ਼ਾਟਕਾਂ ’ਤੇ ਬਨਣ ਵਾਲੇ ਰੇਵਲੇ ਓਵਰ ਬਿ੍ਰਜ਼ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਕਮਿਸ਼ਨਰ ਫ਼ਰੀਦਕੋਟ ਮੰਡਲ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਨਗਰ ਨਿਗਮ ਬਠਿੰਡਾ ਦੇ ਚੁਣੇ ਹੋਏ ਕੌਂਸਲਰਾਂ ਵਿਚੋਂ ਸਰਬਸੰਮਤੀ ਨਾਲ ਸ਼੍ਰੀਮਤੀ ਰਮਨ ਗੋਇਲ ਮੇਅਰ, ਸ਼੍ਰੀ ਅਸ਼ੋਕ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਅਤੇ ਮਾਸਟਰ ਹਰਮੰਦਰ ਸਿੰਘ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਕਮਿਸ਼ਨਰ ਫ਼ਰੀਦਕੋਟ ਮੰਡਲ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਚੁਣੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਮੰਤਰੀ ਸਾਹਿਬਾਨਾਂ, ਉੱਚ ਅਧਿਕਾਰੀਆਂ ਅਤੇ ਸਾਥੀ ਐਮ.ਸੀਜ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ ਤੇ ਸਭਨਾਂ ਦੇ ਸਹਿਯੋਗ ਨਾਲ ਬਠਿੰਡਾ ਸ਼ਹਿਰ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਤੋਂ ਪਹਿਲਾਂ ਸਾਰੇ ਹਾਜ਼ਰ ਨਵੇਂ ਕਾਊਂਸਲਰਾਂ ਵਲੋਂ ਬਲਜੀਤ ਸਿੰਘ (ਰਾਜੂ ਸਰਾਂ) ਨੂੰ ਪ੍ਰੋਟੋਕਾਮ ਸਪੀਕਰ ਚੁਣਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਦੇਖ-ਰੇਖ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਈ।