You are currently viewing

 

ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਲੋੜ ਡਾ. ਸਿੱਧੂ

        ਬਠਿੰਡਾ, 3 ਜੂਨ : ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਤੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿਖਲਾਈ ਅਫਸਰ ਡਾ. ਬਹਾਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰੋਨਾ ਮਹਾਂਮਾਰੀ ਦੇ ਚੱਲਦੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਨੁੱਕੜ ਮੀਟਿੰਗਾਂ ਦਾ ਆਯੋਜਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ।

        ਮੀਟਿੰਗ ਦੌਰਾਨ ਡਾ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੜੀ ਤਹਿਤ ਹੁਣ ਤੱਕ ਜਿੱਥੇ ਜ਼ਿਲ੍ਹੇ ਦੇ ਪਿੰਡ ਜੋਧਪੁਰ ਰੋਮਾਣਾ, ਨਰੂਆਣਾ ਤੇ ਗੁਰੂਸਰ ਸੈਣੇਵਾਲਾ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਚੁੱਕਿਆ ਹੈ ਉੱਥੇ ਹੀ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੇ 32 ਪਿੰਡਾਂ ਜਿਨ੍ਹਾਂ ਵਿੱਚ ਪਿਛਲੇ ਸਾਲ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਗਿਆ ਸੀ, ਉਨ੍ਹਾਂ ਪਿੰਡਾਂ ਵਿੱਚ ਜਲਦ ਹੀ ਕਿਸਾਨ ਸਿਖਲਾਈ ਕੈਂਪ ਨੁੱਕੜ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਾ ਸੰਚਾਲਨ ਕੀਤਾ ਜਾਵੇਗਾ।

        ਹੋਰ ਜਾਣਕਾਰੀ ਦਿੰਦਿਆਂ ਟਰੇਨਿੰਗ ਅਫਸਰ ਡਾ. ਕੰਵਲ ਕੁਮਾਰ ਜਿੰਦਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਖੇਤਾਂ ਚ ਅਜੇ ਤੱਕ ਪਈਆਂ ਛਟੀਆਂ ਤੇ ਨਰਮੇ ਦੀ ਰਹਿੰਦ-ਖੂੰਹਦ ਨੂੰ ਤੁਰੰਤ ਨਸ਼ਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਨਰਮੇ ਦੀ ਫਸਲ ਦਾ ਫੁੱਲ ਡੋਡੀ ਪੈਣ ਤੋਂ ਲਗਾਤਾਰ ਸਰਵੇਖਣ ਕੀਤਾ ਜਾਵੇ ਤੇ ਹਮਲੇ ਦੀ ਸੂਰਤ ਵਿੱਚ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ। 

        ਖੇਤੀਬਾੜੀ ਵਿਕਾਸ ਅਫਸਰ (ਟਰੇਨਿੰਗ), ਡਾ. ਅਜੈਪਾਲ ਸਿੰਘ ਬਰਾੜ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਬਰਾੜ ਨੇ ਦੱਸਿਆ ਕਿ ਸਿੱਧੀ ਬਿਜਾਈ ਰਾਹੀਂ ਜਿੱਥੇ 15-20 ਪ੍ਰਤੀਸ਼ਤ ਪਾਣੀ ਦੀ ਬਚਤ ਹੁੰਦੀ ਹੈ, ਉੱਥੇ ਹੀ ਰਵਾਇਤੀ ਕੱਦੂ ਕਰਕੇ ਲਾਏ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।