ਵਿਸ਼ਵ ਵਾਤਾਵਰਣ ਦਿਵਸ ਮੌਕੇ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਕੀਤੀ ਰਾਜ-ਵਿਆਪੀ ਸ਼ੁਰੂਆਤ
ਕਿਹਾ, ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਰਸਾਇਣ ਖਾਦਾਂ ਤੋਂ ਛੁਟਕਾਰਾ ਪਾਉਣਾ ਲਾਜ਼ਮੀ
ਬਠਿੰਡਾ, 5 ਜੂਨ : ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਰਾਜ-ਵਿਆਪੀ ਸ਼ੁਰੂਆਤ ਕੀਤੀ। ਤੰਦਰੁਸਤ ਪੰਜਾਬ ਮੁਹਿੰਮ ਤਹਿਤ ਮਜ਼ਬੂਤ ਪੰਜਾਬ ਦਾ ਨਿਰਮਾਣ ਕਰਨ ਹਿੱਤ ਕੀਤੇ ਗਏ ਵਰਚੂਅਲ ਪ੍ਰੋਗਰਾਮ ਦੌਰਾਨ ਉਨ੍ਹਾਂ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ-ਪਾਣੀ ਤੇ ਰਹਿਣਯੋਗ ਧਰਤੀ ਸਿਰਜਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਤੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਹੰਭਲਾ ਮਾਰਨ। ਉਨ੍ਹਾਂ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਤੇ ਜ਼ੋਰ ਦਿੰਦਿਆਂ ਰਸਾਇਣਕ ਖ਼ਾਦਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ।
ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਡਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ 10 ਪ੍ਰਮੁੱਖ ਟੀਚੇ ਮਿੱਥੇ ਗਏ ਹਨ। ਜਿਨ੍ਹਾਂ ਵਿਚ ਮੁੱਖ ਤੌਰ ਤੇ ਸਾਫ਼ ਹਵਾ, ਸਾਫ਼ ਪਾਣੀ, ਸਿਹਤਮੰਤ ਮਿੱਟੀ, ਕੂੜਾ ਪ੍ਰਬੰਧਨ, ਹਰਿਆਵਲ ਪੰਜਾਬ, ਖੁਰਾਕ ਸੁਰੱਖਿਆ, ਸੜਕ ਸੁਰੱਖਿਆ, ਖੇਡੇ ਪੰਜਾਬ, ਪੋਸ਼ਣ ਅਤੇ ਸਿਹਤ ਸੁਰੱਖਿਆ ਆਦਿ ਸ਼ਾਮਲ ਹਨ। ਉਨ੍ਹਾਂ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਜਿੱਥੇ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਹਰ ਸੰਭਵ ਯਤਨ ਕਰਨ ਲਈ ਕਿਹਾ ਉੱਥੇ ਹੀ ਉਨ੍ਹਾਂ ਆਮ ਲੋਕਾਂ ਨੂੰ ਇਸ ਕੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਐਪ ਵੀ ਲਾਂਚ ਕੀਤੀ ਗਈ।
ਇਸ ਵਰਚੂਅਲ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ, ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ, ਕੈਬਨਿਟ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ, ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਆਪੋ-ਆਪਣੇ ਵਿਭਾਗਾਂ ਦੁਆਰਾ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾ ਰਹੇ ਕੰਮਾਂ ਸਬੰਧੀ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੂੰ ਇਸ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਹਰ ਸੰਭਵ ਯਤਨ ਕਰਨ ਦਾ ਵਿਸ਼ਵਾਸ਼ ਦਿਵਾਇਆ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਵਰਚੂਅਲ ਪ੍ਰੋਗਰਾਮ ਉਪਰੰਤ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ 100 ਫ਼ੀਸਦੀ ਤਾਜ਼ਾ ਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਰੋਨਾ ਕਹਿਰ ਘਟਣ ਉਪਰੰਤ ਹੀ ਨੌਜਵਾਨਾਂ ਲਈ ਜਿੰਮ ਖੋਲ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਗਰੀਨ ਪੰਜਾਬ ਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ।
ਇਸ ਤੋਂ ਪਹਿਲਾਂ ਵਰਚੂਅਲ ਪ੍ਰੋਗਰਾਮ ਦੌਰਾਨ ਕਬੱਡੀ ਖਿਡਾਰਣ, ਪ੍ਰਦੂਸ਼ਣ ਨੂੰ ਘੱਟ ਕਰਨ ਵਾਲੇ ਭੱਠਾ ਚਾਲਕ ਅਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਵਲੋਂ ਵੀ ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਪ੍ਰਸੰਸਾਂ ਕੀਤੀ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਪੀ. ਸ਼੍ਰੀ ਮੇਜ਼ਰ ਸਿੰਘ, ਜ਼ਿਲ੍ਹਾ ਪ੍ਰਸ਼ੀਦ ਦੇ ਚੇਅਰਪਰਸਨ ਸ਼੍ਰੀਮਤੀ ਮਨਜੀਤ ਕੌਰ ਤੋਂ ਇਲਾਵਾ ਐਸ.ਡੀ.ਓ ਪ੍ਰਦੂਸ਼ਣ ਬੋਰਡ ਸ਼੍ਰੀ ਰਵੀਪਾਲ ਆਦਿ ਅਧਿਕਾਰੀ ਹਾਜ਼ਰ ਸਨ।