By Gurlal
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ : ਮਨਪ੍ਰੀਤ ਸਿੰਘ ਬਾਦਲ
10.50 ਕਰੋੜ ਰੁਪਏ ਦੀ ਆਵੇਗੀ ਲਾਗਤ
ਬਠਿੰਡਾ, 5 ਜੂਨ :
ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ਦੀ ਨਵੇਂ ਸਿਰੇ ਤੋਂ ਉਸਾਰੀ ਲਈ ਅਹਿਮ ਫ਼ੈਸਲੇ ਕੀਤੇ ਗਏ ਹਨ। ਇਹ ਜਾਣਕਾਰੀ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਇਥੋ ਦੀ ਮਾਲ ਰੋਡ ਤੇ ਸਥਿਤ ਸ਼ਹੀਦ ਮੇਜ਼ਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਸਾਂਝੀ ਕੀਤੀ।
ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੂਲ ਚ ਨਵੀਂ ਬਨਣ ਵਾਲੀ ਮਲਟੀ ਸਟੋਰੀ ਇਮਾਰਤ ਤੇ 10.50 ਕਰੋੜ ਰੁਪਏ ਦੀ ਲਾਗਤ ਆਵੇਗੀ। ਸ. ਬਾਦਲ ਨੇ ਹੋਰ ਦੱਸਿਆ ਕਿ ਸ਼ਹੀਦ ਮੇਜ਼ਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਚਾਰ ਮੰਜ਼ਲਾਂ ਇਮਾਰਤ ਚ 65 ਸਮਾਰਟ ਕਲਾਸ ਰੂਮਜ਼, 39 ਲੈਬਜ਼, ਪ੍ਰੀਖਿਆ ਹਾਲ, ਖੇਡ ਮੈਦਾਨ, ਲਾਇਬ੍ਰੇਰੀ, ਮਿਊਜ਼ਕ ਅਤੇ ਆਰਟ ਰੂਮ ਆਦਿ ਦੀ ਉਸਾਰੀ ਕੀਤੀ ਜਾਵੇਗੀ। ਇਸ ਇਮਾਰਤ ਦਾ ਕੰਮ ਅਗਲੇ 10 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।