ਆਜ਼ਾਦੀ ਦਿਹਾੜੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਲਹਿਰਾਉਣਗੇ ਕੌਮੀ ਝੰਡਾ
ਆਜ਼ਾਦੀ ਦਿਹਾੜੇ ਸਬੰਧੀ ਰਿਹਰਸਲ ਦਾ ਲਿਆ ਡਿਪਟੀ ਕਮਿਸ਼ਨਰ ਨੇ ਜਾਇਜ਼ਾ
ਬਠਿੰਡਾ, 12 ਅਗਸਤ (ਲਖਵਿੰਦਰ ਸਿੰਘ ਗੰਗਾ)
ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਇੱਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਇੱਥੋਂ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਸਥਿਤ ਹਾਕੀ ਸਟੇਡੀਅਮ ਵਿਖੇ 15 ਅਸਗਤ 2021 ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਾਰ ਦਾ ਆਜ਼ਾਦੀ ਦਿਹਾੜਾ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਮੁੱਖ ਮਹਿਮਾਨ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਪੁਲਿਸ ਦੀ ਟੁਕੜੀ ਕੋਲੋ ਸਲਾਮੀ ਲਈ ਜਾਵੇਗੀ। ਇਸ ਉਪਰੰਤ ਸ. ਬਾਦਲ ਵਲੋਂ ਜ਼ਿਲਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਜਾਵੇਗਾ।
ਫੁੱਲ ਡਰੈਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਬਾਖੂਬੀ ਨਿਭਾਈਆਂ ਜਾਣ।
ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਬਰਾੜ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਐਸਡੀਐਮ ਮੈਡਮ ਹਰਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਬਬਨਦੀਪ ਸਿੰਘ ਵਾਲੀਆ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਹੋਰ ਉਚ ਅਧਿਕਾਰੀ ਹਾਜ਼ਰ ਸਨ।