Punjab School Education Department constitutes various committees for National Achievement Survey

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਸਚਾਰੂ ਢੰਗ ਨਾਲ ਗਤੀਵਿਧੀਆਂ ਚਲਾਉਣ ਵਾਸਤੇ ਕਮੇਟੀਆਂ ਦਾ ਗਠਨ

ਚੰਡੀਗੜ੍ਹ, 25 ਅਗਸਤ (ਲਖਵਿੰਦਰ ਸਿੰਘ ਗੰਗਾ)

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਐਸ.ਏ.) ਲਈ ਸਚਾਰੂ ਢੰਗ ਨਾਲ ਗਤੀਵਿਧੀਆਂ ਚਲਾਉਣ ਵਾਸਤੇ ਜ਼ਿਲ੍ਹਾ, ਬਲਾਕ, ਕਲਸਟਰ ਅਤੇ ਸਕੂਲ ਪੱਧਰ ’ਤੇ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ) ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ), ਪਿੰ੍ਰਸੀਪਲ ਡਾਈਟ ਅਤੇ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੂੰ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਸਾਰੇ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰ (ਡੀ.ਐਮ) ਇਸ ਕਮੇਟੀ ਦੇ ਮੈਂਬਰ ਹੋਣਗੇ।

ਬੁਲਾਰੇ ਅਨੁਸਾਰ ਐਲੀਮੈਂਟਰੀ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ), ਪਿੰ੍ਰਸੀਪਲ ਡਾਈਟ ਅਤੇ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੂੰ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਜ਼ਿਲ੍ਹਾ ਕੋਆਰਡੀਨੇਟਰ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਇਸ ਕਮੇਟੀ ਦੇ ਮੈਂਬਰ ਹੋਣਗੇ। ਇਸੇ ਤਰ੍ਹਾਂ ਹੀ ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਲਈ ਬਲਾਕ ਪੱਧਰ ’ਤੇ, ਕਲਸਟਰ ਪੱਧਰ ’ਤੇ ਅਤੇ ਸਕੂਲ ਪੱਧਰ ’ਤੇ ਵੀ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ) ਅਤੇ ਐਲੀਮੈਂਟਰੀ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਤੌਰ ਨੋਡਲ ਅਫਸਰ ਹਰ ਸ਼ਨੀਵਾਰ ਹਵਤਾਵਾਰੀ ਮੀਟਿੰਗ ਕਰਕੇ ਕਾਰਗੁਜਾਰੀ ਦਾ ਰੀਵੀਊ ਕਰਨਗੇ।