ਦੁਸ਼ਹਿਰੇ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਠਿੰਡਾ ਵਿਖੇ ਕਰਨਗੇ ਸ਼ਿਰਕਤ : ਡਿਪਟੀ ਕਮਿਸ਼ਨਰ
ਰੇਲਵੇ ਗਰਾਊਂਡ ਵਿਖੇ ਮਨਾਇਆ ਜਾਵੇਗਾ ਦੁਸ਼ਹਿਰਾ
ਅਗਾਊਂ ਪ੍ਰਬੰਧਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਬਠਿੰਡਾ, 11 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਇੱਥੋਂ ਦੇ ਰੇਲਵੇ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਦੁਸ਼ਹਿਰੇ ਦੇ ਤਿਉਹਾਰ ਮੌਕੇ 15 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਰੇਲਵੇਂ ਗਰਾਊਂਡ ਵਿਖੇ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ਤੇ ਪੀਣ ਲਈ ਸਾਫ਼ ਪੀਣ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ, ਬੈਰੀਕੇਡਿੰਗ ਤੋਂ ਇਲਾਵਾ ਸੁਰੱਖਿਆ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਮੌਕੇ ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੈ ਮਲੂਜਾ, ਬਠਿੰਡਾ ਰੇਲਵੇ ਸਟੇਸ਼ਨ ਪ੍ਰਬੰਧਕ ਸ਼੍ਰੀ ਪ੍ਰਦੀਪ ਕੁਮਾਰ ਸ਼ਰਮਾ, ਸਿਵਲ ਸਰਜਨ ਸ. ਤੇਜਵੰਤ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੇ ਰੇਲਵੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।