You are currently viewing Warring writes letter to Kejriwal to resume Punjab state bus service to Delhi International Airport

Warring writes letter to Kejriwal to resume Punjab state bus service to Delhi International Airport

ਵੜਿੰਗ ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਲਈ ਕੇਜਰੀਵਾਲ ਨੂੰ ਲਿਖਿਆ ਪੱਤਰ

ਮੋਹਾਲੀ, 11 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਮੰਗਿਆ ਹੈ। ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਪੰਜਾਬ ਸਰਕਾਰ ਦੀਆਂ ਬੱਸਾਂ ਦੇ ਹਵਾਈ ਅੱਡੇ ਤੱਕ ਜਾਣ ‘ਤੇ ਰੋਕ ਲਾ ਦਿੱਤੀ ਸੀ, ਜੋ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਜਾਣ ਵਾਲੇ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ‘ਤੇ ਸਫ਼ਰ ਮੁਹੱਈਆ ਕਰਾਉਣ ਲਈ ਚਲਾਈ ਜਾ ਰਹੀ ਸੀ।ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਸਸਤਾ ਅਤੇ ਵਧੀਆ ਸੇਵਾਵਾਂ ਦੇਣਾ ਮੇਰਾ ਮੁੱਢਲਾ ਫ਼ਰਜ਼ ਬਣਦਾ ਹੈ ਅਤੇ ਮੈਂ ਪਹਿਲੇ ਦਿਨ ਤੋਂ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹਾਂ। ਮੈਂ, ਦਿੱਲੀ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਤੋਂ ਨਿੱਜੀ ਤੌਰ ‘ਤੇ ਮਿਲਣ ਲਈ ਢੁਕਵੀਂ ਤਰੀਕ ਅਤੇ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਵਾ ਸਕਾਂ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ।ਸ੍ਰੀ ਵੜਿੰਗ ਨੇ ਵਿਭਾਗ ਦੇ ਪੱਤਰਾਂ ਦਾ ਮੁਕੰਮਲ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ 29.11.2019 ਅਤੇ 16.03.2020 ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ 24.09.2019 ਅਤੇ 24.02.2021 ਨੂੰ ਦਿੱਲੀ ਦੇ ਟਰਾਂਸਪੋਰਟ ਮੰਤਰੀ ਸ੍ਰੀ ਕੈਲਾਸ਼ ਗਹਿਲੋਤ ਨੂੰ ਪੱਤਰ ਲਿਖੇ ਸਨ। ਇਸ ਤੋਂ ਇਲਾਵਾ ਦਿੱਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਈ ਬੇਨਤੀਆਂ ਵੀ ਭੇਜੀਆਂ ਗਈਆਂ।ਟਰਾਂਸਪੋਰਟ ਮੰਤਰੀ ਨੇ ਜਿਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਪੱਖੀ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਉਨ੍ਹਾਂ ਨਾਲ ਖੜ੍ਹਨ ਅਤੇ ਨਿਰੰਤਰ ਸਹਿਯੋਗ ਕਰਦੇ ਰਹਿਣ, ਉਥੇ ਸ੍ਰੀ ਰਾਜਾ ਵੜਿੰਗ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਸੂਬਾ ਵਾਸੀਆਂ ਲਈ ਸਸਤੀਆਂ ਦਰਾਂ ‘ਤੇ ਸਫ਼ਰ ਮੁਹੱਈਆ ਕਰਵਾਉਂਦੀ ਪੰਜਾਬ ਰਾਜ ਬੱਸ ਸੇਵਾ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਮੁੜ ਚਲਾਉਣ ਦੇ ਮੁੱਦੇ ਦਾ ਛੇਤੀ ਹੱਲ ਕੱਢਿਆ ਜਾ ਸਕੇ।