ਪੰਜਾਬ ਦੇ ਰਾਜਪਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਫੌਜੀ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ
ਚੰਡੀਗੜ੍ਹ, 12 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਜੰਮੂ -ਕਸ਼ਮੀਰ ਦੇ ਪੁੰਛ ਵਿਖੇ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਇੱਕ ਜੇਸੀਓ ਸਮੇਤ ਪੰਜ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼ਹੀਦ ਹੋਏ ਜਵਾਨਾਂ ਵਿੱਚੋਂ ਤਿੰਨ ਸਿਪਾਹੀ ਪੰਜਾਬ ਰਾਜ ਨਾਲ ਸਬੰਧਤ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਦੇਸ਼ ਸ਼ਹੀਦਾਂ ਦੀਆਂ ਸਰਵਉੱਚ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਅਤੇ ਸਾਡੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਬਹਾਦਰੀ ਅਤੇ ਹਿੰਮਤ ਦਾ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਦੇ ਰਾਜਪਾਲ ਦੀ ਤਰਫੋਂ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਮ੍ਰਿਤਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਯੂਨਿਟ 4 ਮੈਕ ਇਨਫੈਂਟਰੀ (ਸਿੱਖ), ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦਾ ਰਹਿਣ ਵਾਲਾ ਸੀ ਜਦਕਿ 11 ਸਿੱਖ ਰੈਜੀਮੈਂਟ ਦਾ ਨਾਇਕ ਮਨਦੀਪ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੱਠਾ ਸ਼ੀਰਾ, ਫਤਿਹਗੜ੍ਹ ਚੂੜੀਆਂ ਅਤੇ 23 ਸਿੱਖ ਰੈਜੀਮੈਂਟ ਦਾ ਸਿਪਾਹੀ ਗੱਜਣ ਸਿੰਘ ਜ਼ਿਲ੍ਹਾ ਰੋਪੜ ਦੇ ਪਿੰਡ ਪਚਰੰਦਾ, ਨੂਰਪੁਰ ਬੇਦੀ ਨਾਲ ਸਬੰਧਤ ਸੀ।