ਬੁਰਾਈ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਦੁਸ਼ਹਿਰੇ ਦਾ ਤਿਉਹਾਰ : ਮਨਪ੍ਰੀਤ ਬਾਦਲ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਵਾਸੀਆਂ ਨੂੰ ਦੁਸ਼ਹਿਰੇ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ
ਬਠਿੰਡਾ, 15 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਸਥਾਨਕ ਰੇਲਵੇ ਗਰਾਊਂਡ ਅਤੇ ਐਮਐਸਡੀ ਸਕੂਲ ਵਿਖੇ ਬੁਰਾਈ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਰਵਾਇਤ ਅਨੁਸਾਰ ਬੁਰਾਈ ਦੇ ਪ੍ਰਤੀਕ ਰਾਵਣ, ਮੇਘ ਨਾਥ ਅਤੇ ਕੁੰਭਕਰਨ ਦੇ ਪੁੱਤਲੇ ਸਾੜੇ ਗਏ। ਇਨ੍ਹਾਂ ਸਮਾਗਮਾਂ ਦੌਰਾਨ ਪ੍ਰਭੂ ਸ਼੍ਰੀ ਰਾਮ ਦੇ ਜੀਵਨ ਨੂੰ ਰੂਪਮਾਨ ਕਰਦੀਆਂ ਹੋਈਆਂ ਵੱਖ-ਵੱਖ ਕਲਾਕਾਰਾਂ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਝਾਕੀਆਂ ਪੇਸ਼ ਕਰਨ ਵਾਲੇ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਾਸੀਆਂ ਨੂੰ ਦੁਸ਼ਹਿਰੇ ਮੌਕੇ ਸ਼ੁੱਭ ਕਾਮਨਾਵਾਂ ਭੇਂਟ ਕਰਦਿਆਂ ਮੁਲਕ ਅੰਦਰ ਰਾਮ ਰਾਜ ਦੀ ਸਥਾਪਨਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਨਪੜ੍ਹਤਾ ਤੋਂ ਰਹਿਤ ਸ਼ਾਖਰ ਅਤੇ ਜਾਗਰੂਕ ਅਵਾਮ, ਜਿੱਥੇ ਹਰ ਹੱਥ ਨੂੰ ਕਰਨ ਲਈ ਕੰਮ ਹੋਵੇ, ਆਪਸੀ ਭਾਈਚਾਰਾ ਅਤੇ ਆਰਥਿਕ ਸਮਾਨਤਾ ਹੋਵੇ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਸਮਾਜ ਹੋਵੇ ਅਜਿਹੇ ਰਾਮ ਰਾਜ ਦੀ ਕਲਪਨਾ ਨੂੰ ਸਾਕਾਰ ਕਰਨ ਲਈ ਅਸੀਂ ਮਰਿਆਦਾ ਪ੍ਰਸ਼ੋਤਮ ਭਗਵਾਨ ਸ਼੍ਰੀ ਰਾਮ ਚੰਦਰ ਜੀ ਅੱਗੇ ਅਰਜੋਈ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਉਪਰਾਲਾ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਲਈ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਬਣਾ ਕੇ ਲਾਗੂ ਕਰ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਅੱਜ ਵੀ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਬਠਿੰਡਾ ਵਿਖੇ ਵਿਕਾਸ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।
ਇਨ੍ਹਾਂ ਸਮਾਗਮਾਂ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ ਕੇ ਅਗਰਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਬਠਿੰਡਾ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਸਾਬਕਾ ਮੰਤਰੀ ਸ਼੍ਰੀ ਚਰਿੰਜੀ ਲਾਲ ਗਰਗ, ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।