ਕਾਨੂੰਨੀ ਜਾਗਰੂਕਤਾ ਬਾਰੇ ਜਾਰੀ ਕੀਤੀ ਫਿਲਮ
ਬਠਿੰਡਾ, 9 ਨਵੰਬਰ (ਲਖਵਿੰਦਰ ਸਿੰਘ ਗੰਗਾ)
ਮਾਨਯੋਗ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਪੂਰੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਮਲਜੀਤ ਲਾਂਬਾ ਦੀ ਸੋਚ ਉਪਰ ਆਧਾਰਿਤ ਇੱਕ ਕਾਨੂੰਨੀ ਜਾਗਰੂਕਤਾ ਬਾਰੇ ਫਿਲਮ ’ਇਨਸਾਫ’ ਜੋ ਕਿ ਬਠਿੰਡਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਸਹਿਯੋਗ ਨਾਲ ਆਮ ਜਨਤਾ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਪ੍ਰਚਾਰ ਕਰਨ ਲਈ ਬਣਾਈ ਗਈ ਹੈ, ਜਿਸ ਨੂੰ ਅੱਜ ਕਾਨੂੰਨੀ ਦਿਵਸ ਦੇ ਮੌਕੇ ਬਾਰ ਐਸੋਸ਼ੀਏਸ਼ਨ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ। ਇਸ ਫਿਲਮ ਨੂੰ ਮਿਸਟ ਐਰੋਟਾਊਨ ਮੋਹਾਲੀ ਵੱਲੋਂ ਸਪਾਂਸਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਨੈਸ਼ਨਲ ਕਮਿਸ਼ਨ ਫਾਰ ਵੁਮੈਨ ਦੇ ਸਹਿਯੋਗ ਨਾਲ ਮਹਿਲਾ ਸਸ਼ਕਤੀਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਮਾਣਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਸ੍ਰੀ ਕਮਲਜੀਤ ਲਾਂਬਾ ਦੀ ਅਗਵਾਈ ਹੇਠ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ ਵਿਖੇ ਜ਼ਿਲਾ ਪੱਧਰ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ ਸ੍ਰੀ ਬਲਜਿੰਦਰ ਸਿੰਘ ਸਰਾਂ ਵੱਲੋਂ ਔਰਤਾਂ ਨਾਲ ਸਬੰਧਿਤ ਵੱਖ-ਵੱਖ ਕਾਨੂੰਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਪੱੁਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ।
ਇਸ ਦਿਵਸ ਮੌਕੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਅਸੋਕ ਕੁਮਾਰ ਚੌਹਾਨ ਵੱਲੋਂ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਅਤੇ ਸਹਾਇਤਾ ਸਬੰਧੀ ਜਾਗਰੂਕਤਾ ਆਲ ਇੰਡੀਆਂ ਰੇਡੀਉ ਦੇ ਮਾਧਿਅਮ ਦੁਆਰਾ ਵੀ ਕੀਤੀ ਗਈ।
ਇਹਨਾਂ ਪ੍ਰੋਗਰਾਮਾਂ ਤੋਂ ਇਲਾਵਾ ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਗੁਰਨਾਮ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸਥਾਈ ਲੋਕ ਅਦਾਲਤ ਸਬੰਧੀ ਜਾਣਕਾਰੀ ਦੇਣ ਹਿੱਤ ਅਤੇ ਚੇਅਰਮੈਨ ਸਬ ਡਵੀਜ਼ਨਲ ਲੀਗਲ ਸਰਵਿਸ ਕਮੇਟੀ, ਤਲਵੰਡੀ ਸਾਬੋ ਸ੍ਰੀ ਰਤਨਦੀਪ ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸਟਾਫ ਅਤੇ ਵਿਦਿਆਰਥੀਆਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੁਰਮ ਤੋਂ ਪੀੜਤ ਔਰਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਮੁਆਵਜ਼ਾ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸੀ੍ਰ ਅਸ਼ੋਕ ਕੁਮਾਰ ਚੌਹਾਨ, ਵਾਈਸ ਚਾਂਸਲਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਸ੍ਰੀ ਬੂਟਾ ਸਿੰਘ ਅਤੇ ਰਜਿਸਟਰਾਰ, ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸ੍ਰੀ ਜੀ.ਐਸ.ਬਰਾੜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਵਿੱਚ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ, ਲੀਗਲ ਹੈਡ ਅਮਨਪ੍ਰੀਤ ਅਰਸ਼ੀ, ਅਤੇ ਐਡਵੋਕੇਟ ਸ੍ਰੀ ਲਲਿਤ ਗਰਗ ਵੱਲੋਂ ਸ਼ਮੂਲੀਅਤ ਕੀਤੀ ਗਈ।