You are currently viewing NEW DEGREE COLLEGE AND SPORTS HUB AMONGST RS 132 CRORE GIFT BY CM TO BANGA

NEW DEGREE COLLEGE AND SPORTS HUB AMONGST RS 132 CRORE GIFT BY CM TO BANGA

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਦਿੱਤਾ ਵੱਡਾ ਹੁਲਾਰਾ

ਬੰਗਾ, 23 ਨਵੰਬਰ (ਲਖਵਿੰਦਰ ਸਿੰਘ ਗੰਗਾ)


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।  ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।  ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 30 ਕਰੋੜ ਰੁਪਏ, ਬੰਗਾ ਸ਼ਹਿਰ ਵਿੱਚ ਵੱਖ-ਵੱਖ ਕੰਮਾਂ ਲਈ 2. 50 ਕਰੋੜ ਰੁਪਏ, ਬੰਗਾ ਵਿਖੇ ਫਾਇਰ ਸਟੇਸ਼ਨ ਬਣਾਉਣ ਲਈ ਇੱਕ ਕਰੋੜ ਰੁਪਏ, ਸੀ.ਐਚ.ਸੀ ਬੰਗਾ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਔੜ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਲਈ 4 ਕਰੋੜ ਰੁਪਏ, ਬੰਗਾ ਅਤੇ ਔੜ ਬਲਾਕਾਂ ਵਿੱਚ ਨਵੀਆਂ ਲਿੰਕ ਸੜਕਾਂ ਬਣਾਉਣ ਲਈ 32 ਕਰੋੜ ਰੁਪਏ ਅਤੇ ਬੰਗਾ ਵਿੱਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਰਿਹਾਇਸ਼ ਲਈ 3.5 ਕਰੋੜ ਰੁਪਏ ਰੱਖੇ ਗਏ ਹਨ।  ਉਨ੍ਹਾਂ ਨੇ ਕੋਆਪ੍ਰੇਟਿਵ ਸੋਸਾਇਟੀਆਂ ਦੇ ਮੈਂਬਰਾਂ ਵੱਲ ਲੰਬਿਤ 25 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਸਬੰਧੀ ਮੰਤਰੀ ਮੰਡਲ ‘ ਚ ਮਾਮਲਾ ਵਿਚਾਰਨ ਦਾ ਐਲਾਨ ਕੀਤਾ।  ਮੁੱਖ ਮੰਤਰੀ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਬਲਾਕ ਔੜ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਲਈ ਗ੍ਰਾਂਟਾਂ ਦੀ ਵਰਖਾ ਕਰਨ ਲਈ ਸ਼ਲਾਘਾ ਕੀਤੀ। ਲੋਕਾਂ ਨਾਲ ਭਾਵਨਾਤਮਕ ਸਾਂਝ ਬਣਾਉਂਦੇ ਹੋਏ, ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਜਿਸ ਨੂੰ ਪਾਰ ਕਰਦਿਆਂ ਉਹ ਸਿਵਲ ਸੇਵਾਵਾਂ ਦਾ ਇਮਤਿਹਾਨ ਪਾਸ ਕਰਕੇ ਅੱਜ ਮੁੱਖ ਮੰਤਰੀ ਪੰਜਾਬ ਨਾਲ ਰਾਜ ਦੀ ਸੇਵਾ ਤੱਕ ਪੁੱਜੇ ਹਨ। ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਖਾਸ ਕਰਕੇ ਬੰਗਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿੰਡ ਭਰੋ ਮਜਾਰਾ ਵਿੱਚ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਅਤੇ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਮੱਥਾ ਟੇਕਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।