ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ-ਸ.ਅਰਵਿੰਦ ਪਾਲ ਸਿੰਘ ਸੰਧੂ
ਪੰਜਾਬ ਸਰਕਾਰ ਵੱਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਸੋਰਸ ਤੇ ਭਾਅ ਨਿਰਧਾਰਤ
ਬਠਿੰਡਾ, 24 ਨਵੰਬਰ (ਲਖਵਿੰਦਰ ਸਿੰਘ ਗੰਗਾ)
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਸਤੀਆਂ ਦਰਾਂ ਤੇ ਰੇਤ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਸੋਰਸ ਨਿਰਧਾਰਤ ਕੀਤਾ ਗਿਆ ਹੈ। ਜਿਸਨੂੰ ਬੇਸ ਰੇਟ ਮੰਨਦੇ ਹੋਏ ਲੋਕਾਂ ਨੂੰ ਵਾਜਬ ਰੇਟ/ਸਸਤੇ ਰੇਟਾਂ ਤੇ ਰੇਤ ਮੁਹੱਈਆ ਕਰਵਾਇਆ ਜਾਵੇਗਾ। ਇਹਨਾਂ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਟੇਟ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਨੂੰ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਵੱਲੋਂ ਤੈਅ ਕੀਤਾ ਗਿਆ ਏਜੰਡਾ ਮਿਸ਼ਨ ਕਲੀਨ ਬਹੁਤ ਸਪੱਸ਼ਟ ਹੈ ਅਤੇ ਇਸ ਦੀ ਸਿਧਾਂਤਕ ਤੌਰ ਤੇ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਰੇਤੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਿਸੇ ਨੂੰ ਵੀ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ਦੀ ਇਜਾਜਤ ਨਹੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ.ਅਰਵਿੰਦ ਪਾਲ ਸਿੰਘ ਸੰਧੂ ਨੇ ਰੇਤੇ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਹਰ ਹੀਲੇ ਸਸਤੀਆਂ ਦਰਾਂ ’ਤੇ ਹੀ ਰੇਤਾ ਮੁਹੱਈਆ ਕਰਵਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਢਿੱਲਮੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀ ਲੋੜ ਪੈਣ ’ਤੇ ਪੁਲਿਸ ਸਹਾਇਤਾ ਲੈ ਸਕਦੇ ਹਨ, ਪੁਲਿਸ ਇਸ ਕੰਮ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਮੁਤਾਬਿਕ ਕਾਰਵਾਈ ਕਰਨ ਲਈ ਹਰ ਸਮੇਂ ਕਾਰਜ਼ਸੀਲ ਹੈ।