ਕਿਸਾਨੀ ਸ਼ੰਘਰਸ਼ ‘ਚ ਜਾਨਾਂ ਗਵਾਉਣ ਵਾਲੇ 12 ਕਿਸਾਨ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਹੁਣ ਤੱਕ 23 ਸ਼ਹੀਦ ਪਰਿਵਾਰਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ ਨਿਯੁਕਤੀ ਪੱਤਰ
ਬਠਿੰਡਾ, 29 ਨਵੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵਲੋਂ ਖੇਤੀਬਾੜੀ ਸਬੰਧੀਂ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ 12 ਕਿਸਾਨ ਪਰਿਵਾਰਾਂ ਨੂੰ ਇੱਥੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਹੋਰ ਦੱਸਿਆ ਕਿ ਨਿਯੁਕਤੀ ਦੇਣ ਵਾਲੇ 12 ਪਰਿਵਾਰਾਂ ਚੋਂ 6 ਪਰਿਵਾਰਾਂ ਨੂੰ ਦਫਤਰ ਡਿਪਟੀ ਕਮਿਸ਼ਨਰ ਅਤੇ 6 ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿਚ ਉਨ੍ਹਾਂ ਦੀ ਯੋਗਤਾ ਅਨੁਸਾਰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋ ਚੁੱਕੇ 23 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜਿਨ੍ਹਾਂ ਚੋਂ 11 ਕਿਸਾਨ ਪਰਿਵਾਰਾਂ ਨੂੰ ਪਹਿਲਾਂ ਹੀ ਉਨ੍ਹਾਂ ਦੀ ਯੋਗਤਾ ਅਨੁਸਾਰ ਨਿਯੁਕਤੀ ਪੱਤਰ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਪਰਿਵਾਰਾਂ ਲਈ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਨਿਯੁਕਤੀ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸਖ਼ਤ ਮਿਹਨਤ ਤੇ ਤਨਦੇਹੀ ਨਾਲ ਆਪਣੀ ਨੌਕਰੀ ਪ੍ਰਤੀ ਜ਼ਿੰਮੇਵਾਰੀ ਨਾਲ ਫ਼ਰਜ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਦ੍ਰਿੜ ਇਰਾਦੇ ਨਾਲ ਅੱਗੇ ਹੋਰ ਵੀ ਤਰੱਕੀ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।