ਦੋ ਰੋਜ਼ਾ ਸਪੈਸ਼ਲ ਕੈਂਪ
ਇੱਕੋਂ ਛੱਤ ਹੇਠ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਲੋਕ ਭਲਾਈ ਸਕੀਮਾਂ : ਵਧੀਕ ਡਿਪਟੀ ਕਮਿਸ਼ਨਰ
ਸਬ-ਡਵੀਜ਼ਨ ਪੱਧਰ ਤੇ ਲਗਾਏ ਕੈਂਪਾਂ ਦਾ ਆਮ ਲੋਕਾਂ ਨੇ ਲਿਆ ਲਾਹਾ
17 ਦਸੰਬਰ ਨੂੰ ਵੀ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਬਠਿੰਡਾ, 16 ਦਸੰਬਰ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸਬ-ਡਵੀਜ਼ਨ ਪੱਧਰ ਤੇ ਸਪੈਸ਼ਲ ਕੈਂਪ ਲਗਾਏ ਗਏ। 2 ਰੋਜ਼ਾ ਚੱਲਣ ਵਾਲੇ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਦੇ ਪਹਿਲੇ ਦਿਨ ਬਠਿੰਡਾ ਵਿਖੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਲੈਕਸ ਅਤੇ ਮੌੜ ਦੇ ਸਦਭਾਵਨਾ ਭਵਨ, ਤਲਵੰਡੀ ਸਾਬੋ ਕਮਿਊਨਿਟੀ ਹਾਲ ਅਤੇ ਰਾਮਪੁਰਾ ਫੂਲ ਦੇ ਟੀਪੀਡੀ ਮਾਲਵਾ ਕਾਲਜ ਵਿਖੇ ਸਬ ਡਵੀਜ਼ਨ ਪੱਧਰ ਤੇ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਲਾਹਾ ਲੈਣ ਵਾਲੇ ਲਾਭਪਾਤਰੀਆਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਤਰ੍ਹਾਂ 17 ਦਸੰਬਰ ਨੂੰ ਵੀ ਇਹ ਕੈਂਪ ਲਗਾਏ ਜਾਣਗੇ, ਜਿਨ੍ਹਾਂ ਵਿਚ ਵੱਧ ਤੋਂ ਵੱਧ ਯੋਗ ਲਾਭਪਾਤਰੀ ਪਹੁੰਚ ਕੇ ਲਾਹਾ ਲੈ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦੇਣ ਲਈ ਹਮੇਸ਼ਾ ਵਚਨਵੱਧ ਅਤੇ ਤਤਪਰ ਹੈ। ਉਨ੍ਹਾਂ ਕਿਹਾ ਕਿ ਇੱਕੋ ਛੱਤ ਹੇਠਾਂ ਕੈਂਪ ਲਗਾਉਣ ਨਾਲ ਜਿੱਥੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਹੀ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋ ਰਹੀ ਹੈ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਬਠਿੰਡਾ ਦੇ ਤਹਿਸੀਲ ਕੈਪਲੈਕਸ ਦੇ ਬਾਹਰ ਲਗਾਏ ਗਏ ਸਪੈਸ਼ਲ ਕੈਂਪ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਏ ਲੋਕਾਂ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨ੍ਹਾਂ ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ ਨੂੰ ਕਿਹਾ ਕਿ ਕੈਂਪ ਦੌਰਾਨ ਲਾਭ ਲੈਣ ਆਏ ਹਰ ਯੋਗ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ।