ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਮਪੁਰਾ ਫੂਲ ਵਿਖੇ ਦੌਰਾ 30 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਨਵੀਂ ਆਈਟੀਆਈ ਤੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਦਾ ਕਰਨਗੇ ਉਦਘਾਟਨ
ਰੇਲਵੇ ਓਵਰ ਬ੍ਰਿਜ ਦਾ ਰੱਖਣਗੇ ਨੀਂਹ ਪੱਥਰ
ਬਠਿੰਡਾ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 30 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਚ ਪੈਂਦੇ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਪਹੁੰਚਣਗੇ। ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਰਾਮਪੁਰਾ ਵਿਖੇ ਨਵੀਂ ਬਣੀ ਸਰਕਾਰੀ ਆਈਟੀਆਈ ਅਤੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਰੇਲਵੇ ਓਵਰ ਬ੍ਰਿਜ਼ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨਾਲ ਕੀਤੀ ਬੈਠਕ ਦੌਰਾਨ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਸੰਧੂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੂਟ ਪਲਾਨ ਤਿਆਰ ਕਰਕੇ ਸੁਰੱਖਿਅਤ ਪ੍ਰਬੰਧ, ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਮੈਡੀਕਲ ਟੀਮਾਂ ਤੇ ਐਂਬੂਲੈਂਸ ਦਾ ਖ਼ਾਸ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ਤੇ ਸਾਫ਼-ਸਫ਼ਾਈ, ਪੀਣ ਵਾਲਾ ਸਾਫ਼ ਪਾਣੀ, ਪਾਣੀ ਦਾ ਛਿੜਕਾੳ ਕਰਨਾ ਯਕੀਨੀ ਬਣਾਉਣਗੇ।
ਇਸ ਮੌਕੇ ਐਸਐਸਪੀ ਸ਼੍ਰੀ ਅਜੈ ਮਲੂਜਾ, ਐਸਡੀਐਮ ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਲੀਡ ਬੈਂਕ ਮਨੈਜ਼ਰ ਸ਼੍ਰੀ ਨਰਾਇਣ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਸੰਜੀਵ ਧੀਂਗੜਾ, ਸੈਕਟਰੀ ਮਾਰਕਿਟ ਸ਼੍ਰੀ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।