15632 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦਾ ਕਰਨਗੇ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ
ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਬੈਠਕ
ਬਠਿੰਡਾ, 21 ਜਨਵਰੀ (ਲਖਵਿੰਦਰ ਸਿੰਘ ਗੰਗਾ)
ਵਿਧਾਨ ਸਭਾ ਚੋਣਾਂ-2022 ਪਾਰਦਰਸ਼ੀ ਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਪੋਲਿੰਗ ਸਮੇਂ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਬੂਥ ਉੱਤੇ 6-6 ਫੁੱਟ ਦੀ ਦੂਰੀ ਉੱਤੇ ਨਿਸ਼ਾਨਦੇਹੀ ਅਤੇ ਸੈਨੇਟਾਈਜ਼ਰ ਤੇ ਮਾਸਕ ਦਾ ਖ਼ਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ।
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰਸ਼੍ਰੀ ਵਨੀਤ ਕੁਮਾਰ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਵੋਟਾਂ ਦੀ 5 ਜਨਵਰੀ 2022 ਮੁਤਾਬਿਕ ਸਰਸਰੀ ਸੁਧਾਈ ਅਨੁਸਾਰ 15632 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਸ਼ਿਕਾਇਤ ਜਾਂ ਜਾਣਕਾਰੀ ਲਈ ਜ਼ਿਲ੍ਹਾ ਸ਼ਿਕਾਇਤ ਸੈੱਲ ਸਥਾਪਤ ਕੀਤਾ ਗਿਆ ਹੈ, ਜਿਸ ਦਾ ਹੈਲਪ ਲਾਇਨ ਨੰਬਰ 0164-211389 ਤੇ 211915 ਹੈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਪੱਤਰਕਾਰਾਂ ਦੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਨਿੱਜੀ ਤੌਰ ਤੇ 49 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 45 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 4 ਪੈਂਡਿੰਗ ਹਨ। ਇਸੇ ਤਰ੍ਹਾਂ ਸੀ-ਵਿਜ਼ਿਲ ਤੇ 223 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਬੈਠਕ ਦੌਰਾਨ ਪੱਤਰਕਾਰਾਂ ਵਲੋਂ ਸ਼ਹਿਰ ਅੰਦਰ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤੋਂ ਇਲਾਵਾ ਆਪਣੇ ਸ਼ੰਕਿਆਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।