138175 ਵਿਅਕਤੀਆਂ ਨੇ ਪਹਿਲੀ ਤੇ 149207 ਵਿਅਕਤੀਆਂ ਨੇ ਲਗਾਈ ਦੂਜੀ ਡੋਜ਼
ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਕਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਆਯੋਜਿਤ
ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
ਬਠਿੰਡਾ, 23 ਜਨਵਰੀ (ਲਖਵਿੰਦਰ ਸਿੰਘ ਗੰਗਾ)
ਕਰੋਨਾ ਵਾਇਰਸ ਦੀ ਤੀਸਰੀ ਸੰਭਾਵੀਂ ਲਹਿਰ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਰੋਜ਼ਾਨਾ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਕਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਸਥਾਨਕ ਦਾਦੀ ਪੋਤੀ ਪਾਰਕ ਨੇੜੇ ਕਰੋਨਾ ਸੈਂਪਲਿੰਗ ਸਬੰਧੀ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਸਬੰਧਤ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੀ ਤੀਸਰੀ ਸੰਭਾਵੀਂ ਲਹਿਰ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਕਿਸੇ ਵੀ ਵਿਅਕਤੀ ਨੂੰ ਸੈਂਪਲਿੰਗ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀਆਂ ਨੂੰ ਕਰੋਨਾ ਦੇ ਲੱਛਣ ਪਤਾ ਲਗਦੇ ਹਨ ਤਾਂ ਉਹ ਤਰੁੰਤ ਨੇੜੇ ਦੇ ਸਿਹਤ ਕੇਂਦਰਾਂ ਅਤੇ ਹੋਰ ਥਾਵਾਂ ਤੇ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਵਿਚ ਪਹੁੰਚ ਕੇ ਆਪਣਾ ਕਰੋਨਾ ਚੈਕਅਪ ਜ਼ਰੂਰ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਇਆ ਤੇ ਹੋਰ ਅੱਗੇ ਫ਼ੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਹੋਰ ਦੱਸਿਆ ਕਿ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਏ ਗਏ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪਿਛਲੇ 24 ਘੰਟਿਆਂ ਚ 1668 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 909 ਆਰਟੀਪੀਸੀਆਰ ਤੇ 759 ਆਰਏਟੀ ਸੈਂਪਲ ਸ਼ਾਮਲ ਹਨ।
ਸ਼੍ਰੀ ਵਨੀਤ ਕੁਮਾਰ ਨੇ ਅੱਗੇ ਹੋਰ ਦੱਸਿਆ ਕਿ ਪਹਿਲੀ ਜਨਵਰੀ ਤੋਂ ਲੈ ਕੇ 22 ਜਨਵਰੀ ਤੱਕ 287382 ਵਿਅਕਤੀਆਂ ਦੇ ਕਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ ਵਿਚ 138175 ਵਿਅਕਤੀਆਂ ਦੇ ਪਹਿਲੀ ਅਤੇ 149207 ਵਿਅਕਤੀਆਂ ਦੇ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 3 ਜਨਵਰੀ 2022 ਤੋਂ ਲੈ ਕੇ 22 ਜਨਵਰੀ ਤੱਕ 15 ਤੋਂ 17 ਸਾਲਾਂ ਤੱਕ ਦੇ 5201 ਬੱਚਿਆਂ ਦਾ ਕਰੋਨਾ ਟੀਕਾਕਰਨ ਤੇ 10 ਜਨਵਰੀ ਤੋਂ ਲੈ ਕੇ 22 ਜਨਵਰੀ ਤੱਕ 3090 ਵਿਅਕਤੀਆਂ ਦੇ ਬੂਸਟਰ ਡੋਜ਼ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਸਮੇਂ-ਸਮੇਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਆਪਸੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣ ਤੋਂ ਇਲਾਵਾ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ ਤਾਂ ਜੋ ਅਸੀਂ ਕਰੋਨਾ ਤੇ ਪ੍ਰਭਾਵ ਤੋਂ ਸੁਰੱਖਿਅਤ ਰਹਿ ਸਕੀਏ।