– ਪੰਜਾਬ ਵਿਧਾਨ ਸਭਾ ਚੋਣਾਂ 2022 –
– ਜ਼ਿਲ੍ਹਾ ਮਲੇਰਕੋਟਲਾ ‘ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀ
-ਆਫ਼ਲਾਈਨ ਦੇ ਨਾਲ ਨਾਲ ਆਨਲਾਈਨ ਵੀ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ – ਜ਼ਿਲ੍ਹਾ ਚੋਣ ਅਫ਼ਸਰ
ਜਨਵਰੀ 28 ਜਨਵਰੀ (ਲਖਵਿੰਦਰ ਸਿੰਘ ਗੰਗਾ)
ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀ ਹੈ। ਅੱਜ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਵਿਖੇ ਇੱਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਵਿਖੇ ਸ੍ਰੀ ਅਬਦੁਲ ਸਤਾਰ ਸੀ.ਪੀ.ਆਈ (ਐਮ) ਵੱਲੋਂ ਆਪਣੀ ਨਾਮਜ਼ਦਗੀ ਪੱਤਰ ਭਰੇ ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਲਈ ਨਾਮਜ਼ਦਗੀ ਪੱਤਰ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫ਼ਸਰ ਮਲੇਰਕੋਟਲਾ ਦੇ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ-106 ਅਮਰਗੜ੍ਹ ਲਈ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ – ਕਮ – ਰਿਟਰਨਿੰਗ ਅਫ਼ਸਰ ਅਮਰਗੜ੍ਹ ਦੇ ਦਫ਼ਤਰ ਵਿਖੇ, ਭਰੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ਼ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ‘ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਿਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ 100 ਫ਼ੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕੇ ਗਏ ਹਨ ਜਿਸ ਤਹਿਤ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਨੂੰ ਬੈਲਟ ਪੇਪਰਾਂ ਰਾਹੀਂ ਆਪਣੇ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਹੋਰ ਕਿਹਾ ਕਿ ਹਰੇਕ ਵੋਟਰ ਨੂੰ ਆਪਣੀ ਵੋਟ ਬਿਨਾਂ ਕਿਸੇ ਲਾਲਚ, ਡਰ ਜਾਂ ਭੈਅ ਤੋਂ ਪਾਉਣੀ ਚਾਹੀਦੀ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਭਵਿੱਖ ਦੇ ਰੌਸ਼ਨ ਸਮਾਜ ਦਾ ਨਿਰਮਾਣ ਕਰ ਸਕਾਂਗੇ।
ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ । ਚੋਣ ਕਮਿਸ਼ਨ ਅਤੇ ਕੋਵਿਡ ਗਾਈਡਲਾਈਨਜ ਦੀ ਪਾਲਣਾ ਨੂੰ ਯਕੀਨੀ ਬਣਾਉਣ ।