ਵਿਧਾਨ ਸਭਾ ਚੋਣਾਂ-2022
· 1192 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਕੀਤੀਆਂ ਰਵਾਨਾ
· ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਪੋਲਿੰਗ
· ਬਿਨਾਂ ਕਿਸੇ ਡਰ ਭੈਅ ਤੋਂ ਵੋਟਰ ਕਰਨ ਮਤਦਾਨ
· ਜ਼ਿਲ੍ਹੇ ਦੇ 1071164 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ
ਬਠਿੰਡਾ, 19 ਫਰਵਰੀ (ਲਖਵਿੰਦਰ ਸਿੰਘ ਗੰਗਾ)
ਵਿਧਾਨ ਸਭਾ ਚੋਣਾਂ-2022 ਨੂੰ ਲੈ ਕੇ ਜ਼ਿਲ੍ਹੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 20 ਫ਼ਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਵੋਟਿੰਗ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਆਈਐਚਐਮ ਇੰਸਟੀਚਿਊਟ ਵਿਖੇ ਹੋਈ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ, 91-ਭੁੱਚੋ, 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ ਅਤੇ 95-ਮੌੜ) ਲਈ ਕੁੱਲ 1192 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਦੇ 1071164 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚ ਮਰਦ 561749 ਤੇ ਔਰਤਾਂ 504360, ਥਰਡ ਜੈਂਡਰ 25, ਸਰਵਿਸ ਵੋਟਰ 5030 ਅਤੇ 80 ਸਾਲ ਤੋਂ ਵਧੇਰੇ ਉਮਰ ਦੇ 19636, 18-19 ਵਰਗ ਦੇ 16852, ਵਿਕਲਾਂਗ (ਪੀਡਬਲਿਯੂਡੀ) 7561 ਅਤੇ 148 ਵੀਆਈਪੀ ਵੋਟਰ ਸ਼ਾਮਲ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵਿਧਾਨ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਾਰੀਆਂ ਪੋਲਿੰਗ ਪਾਰਟੀਆਂ ਨੂੰ ਬਿਜਲੀ ਵੋਟਿੰਗ ਮਸ਼ੀਨਾਂ ਸਮੇਤ ਆਪੋਂ-ਆਪਣੇ ਬੂਥਾਂ ਵੱਲ ਰਵਾਨਾ ਕਰ ਦਿੱਤਾ ਗਿਆ ਹੈ। ਸਾਰੇ ਪੋਲਿੰਗ ਬੂਥਾਂ ਤੇ ਪੀਣ ਵਾਲੇ ਸਾਫ਼ ਪਾਣੀ ਦਾ ਖ਼ਾਸ ਪਬ੍ਰੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਵਿਡ-19 ਦੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਹੋਰ ਜਾਣਕਾਰੀ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 4490 ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਤਾਨ ਕੀਤੇ ਹਨ, ਜਿਨ੍ਹਾਂ ਵਿਚੋਂ 2476 ਪੰਜਾਬ ਪੁਲਿਸ ਤੇ 2014 ਸੀਏਪੀਐਫ਼ ਕਰਮਚਾਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 52 ਪੋਲਿੰਗ ਬੂਥਾਂ ਤੇ 16 ਕਰੀਟੀਕਲ ਪੋਲਿੰਗ ਲੁਕੇਸ਼ਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਡਰ ਭੈਅ ਤੋਂ ਆਪੋਂ-ਆਪਣੀ ਵੋਟ ਦਾ ਇਸਤੇਮਾਲ ਕਰਨ ਤਾਂ ਜੋ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾ ਸਕੀਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਹਾਜ਼ਰ ਰਹੇ।