ਸ਼ਾਹਕੋਟ/ਸੁਲਤਾਨਪੁਰ ਲੋਧੀ, 23 ਅਗਸਤ (ਲਖਵਿੰਦਰ ਸਿੰਘ ਗੰਗਾ)
ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਚ ਰਹੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਵੱਲੋਂ ਖੁਦ ਨੂੰ ਗੋਲੀ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਆਪ੍ਰੇਟਿਵ ਬੈਂਕ ਨੂਰਮਹਿਲ ਦੇ ਮੈਨੇਜਰ ਨਿਰਮਲ ਸਿੰਘ ਕੋਹਾੜ (ਕਰੀਬ 54 ਸਾਲ) ਪੁੱਤਰ ਰਾਮ ਸਿੰਘ ਕੋਹਾੜ ਵਾਸੀ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਨੇ ਕਰੀਬ ਰਾਤ 9 ਵਜੇ ਆਪਣੇ ਘਰ ‘ਚ ਹੀ ਘਰੇਲੂ ਝਗੜੇ ਦੇ ਚੱਲਦਿਆਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਪਤਾ ਲੱਗਾ ਹੈ ਕਿ ਬੈਂਕ ਮੈਨੇਜਰ ਨਿਰਮਲ ਸਿੰਘ ਕੋਹਾੜ ਦਾ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਝਗੜਾ ਹੋਇਆ, ਜਿਸ ਤੋਂ ਬਾਅਦ ਮੈਨੇਜਰ ਵਲੋਂ ਇਹ ਕਦਮ ਚੁੱਕਿਆ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਡੀ.ਐੱਸ.ਪੀ ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ, ਐੱਸ.ਐੱਚ.ਓ ਸ਼ਾਹਕੋਟ ਇੰਸ: ਗੁਰਿੰਦਰਜੀਤ ਸਿੰਘ ਨਾਗਰਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਜਾਂਚ ਸ਼ੁਰੂ ਕੀਤੀ | ਡੀ.ਐੱਸ.ਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮਿ੍ਤਕ ਨਿਰਮਲ ਸਿੰਘ ਕੋਹਾੜ ਦੀ ਲਾਸ਼ ਕਬਜੇ ‘ਚ ਲੈ ਲਈ ਗਈ ਹੈ ਤੇ ਅੱਜ ਇਨ੍ਹਾਂ ਦਾ ਸਰਕਾਰੀ ਹਸਪਤਾਲ ਨਕੋਦਰ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ ।