ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਸਾਰਿਆਂ ਨੂੰ ਖੇਡਾਂ ਨਾਲ ਜੁੜ ਕੇ ਆਪਣਾ ਯੋਗਦਾਨ ਪਾਉਣ ਦਾ ਸੱਦਾ
ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਲਖਵਿੰਦਰ ਸਿੰਘ ਗੰਗਾ)
ਹਰੇਕ ਉਮਰ ਵਰਗ ਦੇ ਲੋਕਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਵਿਆਪਕ ਪੱਧਰ ਉੱਤੇ ਉਤਸ਼ਾਹਿਤ ਕਰਨ ਅਤੇ ਖੇਡਾਂ ਪ੍ਰਤੀ ਸਕਾਰਾਤਮਕ ਜਜ਼ਬੇ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸੇ ਉਦੇਸ਼ ਦੀ ਪੂਰਤੀ ਹਿੱਤ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ” ਦੇ ਨਾਂ ਹੇਠ 29 ਅਗਸਤ ਤੋਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਸਾਡੇ ਬੱਚੇ, ਜਵਾਨ ਅਤੇ ਬਜ਼ੁਰਗ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਖੇਡਾਂ ਨਾਲ ਜੁੜ ਕੇ ਆਪਣਾ ਯੋਗਦਾਨ ਪਾ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅਕੇਡੀਆ ਵਰਲਡ ਸਕੂਲ ਵਿਖੇ ਖੇਡਾਂ ਵਿੱਚ ਵੱਖ ਵੱਖ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਮੁਹਿੰਮ ਦਾ ਰਸਮੀ ਆਗਾਜ਼ ਹੋ ਚੁੱਕਾ ਹੈ ਜਿਸ ਤਹਿਤ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਬਰਸੀ ਦੇ ਮੌਕੇ ਉੱਤੇ ਆਈ ਟੀ ਆਈ ਸੁਨਾਮ ਵਿਖੇ 1.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ ਜਿਸ ਨਾਲ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਵਿਚ ਵੱਡਾ ਸਹਿਯੋਗ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਯਤਨ ਕਰਨ ਦੀ ਲੋੜ ਹੈ ਤਾਂ ਜੋ ਸਮਾਜਿਕ ਬੁਰਾਈਆਂ ਦਾ ਖਾਤਮਾ ਕੀਤਾ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਉਹ ਨਿੱਜੀ ਤੌਰ ਉੱਤੇ ਅਤੇ ਸਰਕਾਰ ਦੇ ਪੱਧਰ ਉੱਤੇ ਹਲਕਾ ਨਿਵਾਸੀਆਂ ਵਿੱਚ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਯਤਨਸ਼ੀਲ ਰਹਿਣਗੇ।ਸਮਾਗਮ ਦੌਰਾਨ ਪਦਮ ਸ੍ਰੀ ਸ੍ਰ. ਕੌਰ ਸਿੰਘ, ਦਰੋਣਾਚਾਰੀਆ ਐਵਾਰਡੀ ਸ੍ਰ. ਗੁਰਪ੍ਰੀਤ ਸਿੰਘ ਸੰਧੂ, ਸਾਈਕਲਿਸਟ ਜਗਦੀਪ ਸਿੰਘ, ਖੇਡ ਪ੍ਰਮੋਟਰ ਜੇ ਐਸ ਧਨਖੜ ਸਮੇਤ ਖੇਡ ਜਗਤ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਸੂਬੇ ਨੂੰ ਖੇਡ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਵਚਨਬੱਧ ਹੈ।
ਸਮਾਗਮ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਗਗਨਦੀਪ ਸਿੰਘ ਵੀ ਹਾਜ਼ਰ ਸਨ।