You are currently viewing ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ: ਡਿਪਟੀ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ

2 ਖੇਡਾਂ ਵਿੱਚ ਛੇ ਉਮਰ ਵਰਗਾਂ ਦੇ ਹੋਣਗੇ ਮੁਕਾਬਲੇ

ਬਠਿੰਡਾ, 11 ਸਤੰਬਰ (ਗੁਰਜਿੰਦਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।

    ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ ਸਨ। ਹੁਣ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫ਼ਿਕੇਟ ਦਿੱਤੇ ਜਾਣਗੇ।

    ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫ਼ਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫ਼ਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫ਼ਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫ਼ਿਕੇਟ ਦਿੱਤੇ ਜਾਣਗੇ।