ਮੇਲਾ ਮਾਈਸਰਖਾਨਾ ਦੀਆਂ ਅਗਾਊਂ ਤਿਆਰੀਆਂ ਸਬੰਧੀ ਬੈਠਕ ਆਯੋਜਿਤ
ਅਧਿਕਾਰੀਆਂ ਨੂੰ ਸਮੇਂ-ਸਿਰ ਢੁਕਵੇਂ ਪ੍ਰਬੰਧ ਕਰਨ ਲਈ ਦਿੱਤੇ ਨਿਰਦੇਸ਼
ਬਠਿੰਡਾ, 28 ਸਤੰਬਰ (ਗੁਰਜਿੰਦਰ ਸਿੰਘ)
ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 1 ਤੋਂ 3 ਅਕਤੂਬਰ 2022 ਤੱਕ ਚੱਲਣ ਵਾਲੇ ਧਾਰਮਿਕ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਅਧਿਕਾਰੀਆਂ ਅਤੇ ਮੇਲਾ ਕਮੇਟੀ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਮੌਜੂਦ ਰਹੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਮੌੜ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੂਰੀ ਜਿੰਮੇਦਾਰੀ ਅਤੇ ਤਨਦੇਹੀ ਨਾਲ ਮੇਲੇ ਦੇ ਸਾਰੇ ਪ੍ਰਬੰਧਾਂ ਨੂੰ ਸਮੇਂ-ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਮੇਲੇ ਵਿੱਚ ਆਉਣ ਵਾਲੇ ਸ਼ਰਧਾਂਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਇਸ ਮੌਕੇ ਕਾਰਜ ਸਾਧਕ ਅਫ਼ਸਰ ਮੌੜ ਨੂੰ ਸਾਫ਼-ਸਫ਼ਾਈ ਦੇ ਢੁਕਵੇਂ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਸਿਹਤ ਸੇਵਾਵਾਂ ਨੂੰ ਨਿਰਵਿਘਨ ਤਰੀਕੇ ਨਾਲ ਦੇਣ ਤੋਂ ਇਲਾਵਾ ਐਂਬੂਲੈਂਸ ਤੇ ਡਾਕਟਰੀ ਟੀਮਾਂ ਦਾ ਪ੍ਰਬੰਧ ਕਰਨ, ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ, ਮੰਡੀ ਬੋਰਡ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ ਅਤੇ ਮੰਦਰ ਆਉਣ-ਜਾਣ ਵਾਲੇ ਮੁੱਖ ਰਸਤਿਆਂ ਤੇ ਲਾਈਟਾਂ ਲਗਾਉਣ ਦਾ ਪ੍ਰਬੰਧ ਕਰਨਾ ਯਕੀਨੀ ਬਣਉਣ ਲਈ ਹਦਾਇਤ ਕੀਤੀ।
ਇਸ ਮੌਕੇ ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਮਾਈਸਰਖ਼ਾਨਾ ਕਮੇਟੀ ਦੇ ਪ੍ਰਧਾਨ ਪਵਨ ਬਾਂਸਲ, ਸੈਕਟਰੀ ਮਹਿੰਦਰ ਸਿੰਘ ਮੋਜੀ, ਸ਼੍ਰੀ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।