ਅਧਿਕਾਰੀ ਰੋਜ਼ਾਨਾ ਚੈੱਕ ਕਰਨਾ ਯਕੀਨੀ ਬਣਾਉਣ ਆਪੋ-ਆਪਣਾ ਸ਼ਿਕਾਇਤ ਪੋਰਟਲ
ਬਠਿੰਡਾ, ਅਕਤੂਬਰ (ਗੁਰਜਿੰਦਰ ਸਿੰਘ)
ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਪੋਰਟਲ ’ਤੇ ਬਕਾਇਆ ਪਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਸਬੰਧੀ ਕੀਤੀ ਗਈ ਵਿਸ਼ੇਸ਼ ਬੈਠਕ ਦੌਰਾਨ ਦਿੱਤੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਜਾਂ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਬਕਾਇਆ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਭਵਿੱਖ ਚ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਨਾਲੋ-ਨਾਲ ਤੈਅ ਸਮੇਂ ਅਨੁਸਾਰ ਨਿਬੇੜਿਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਕਰਨਾ ਅਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਵਰਿੰਦਰ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਅਤੇ ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।