ਸਖ਼ਤ ਮਿਹਨਤ ਕਰਕੇ ਚੰਗਾ ਮੁਕਾਮ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ
ਬਠਿੰਡਾ, 24 ਦਸੰਬਰ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਇਸੇ ਤਹਿਤ ਲੜੀ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਹੋਈ, ਜਿਸ ਚ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਤੋਂ ਇਲਾਵਾ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸ਼ਾਮਲ ਸਨ।
ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਅਤੇ ਬੇਹਤਰ ਤਰੀਕੇ ਨਾਲ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨੁੱਖ ਦੀ ਜਿੰਦਗੀ ਵਿੱਚ ਪੜ੍ਹਾਈ ਦਾ ਹੋਣਾ ਬਹੁਤ ਅਹਿਮ ਹੈ, ਇੱਕ ਪੜ੍ਹਾਈ ਹੀ ਹੈ ਜੋ ਮਨੁੱਖ ਨੂੰ ਬਹੁਤ ਦੂਰ ਤੱਕ ਲੈ ਜਾਂਦੀ ਹੈ। ਇਸ ਮੌਕੇ ਉਨ੍ਹਾਂ ਸਾਲ 2023-24 ਇਨਰੋਲਮੈਂਟ ਦੀ ਸ਼ੁਰੂਆਤ ਛੇਵੀਂ ਕਾਲਸ ਦੇ ਵਿਦਿਆਰਥੀਆਂ ਦਾ ਦਾਖ਼ਲਾ ਫਾਰਮ ਭਰਕੇ ਕੀਤੀ।
ਇਸ ਦੌਰਾਨ ਸ. ਜਗਰੂਪ ਸਿੰਘ ਗਿੱਲ ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਿਲੇ ਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਕੋਈ ਚੰਗਾ ਮੁਕਾਮ ਹਾਸਲ ਕਰਨ, ਜਿਸ ਨਾਲ ਉਹ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਤੋਂ ਇਲਾਵਾ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਕੂਲ ਦੀ ਵੈਬਸਾਈਟ ਲਾਂਚ ਕੀਤੀ। ਉਨ੍ਹਾਂ ਖੇਡਾਂ ਵਿੱਚੋਂ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਮਿਸ਼ਨ ਨੂੰ 100 ਫ਼ੀਸਦੀ ਤਰੀਕੇ ਨਾਲ ਸਫ਼ਲ ਬਣਾਉਣ ਲਈ ਮਾਪਿਆਂ, ਵਿਦਿਆਰਥੀਆਂ ਅਤੇ ਮਹਿਮਾਨਾਂ ਦੇ ਬੈਜਿਜ਼ ਲਗਾਉਣ ਦੀ ਸ਼ੁਰੂਆਤ ਵੀ ਕੀਤੀ ਗਈ।
ਇਸ ਉਪਰੰਤ ਸ. ਜਗਰੂਪ ਸਿੰਘ ਗਿੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਚ ਕਰਵਾਏ ਮਾਪੇ-ਅਧਿਆਪਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਰਾਜ ਤੇ ਰਾਸ਼ਟਰੀ ਪੱਧਰ ਤੇ ਮੁਕਾਬਲਿਆਂ ਚ ਮੈਡਲ ਜਿੱਤ ਚੁੱਕੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੀ ਵੰਡ ਕੀਤੀ ਗਈ।