ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਿਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੰਭਲੇ ਜਾਰੀ : ਰੁਪਿੰਦਰ ਪਾਲ ਸਿੰਘ

· ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

· ਪੰਜਾਬੀ ਭਾਸ਼ਾ ਸਬੰਧੀ ਪੋਸਟਰ ਕੀਤਾ ਜਾਰੀ

ਬਠਿੰਡਾ, 2 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬੀ ਮਾਂ ਬੋਲੀ ਦੇ ਮੱਦੇਨਜ਼ਰ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਹੰਭਲੇ ਮਾਰੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ ਡਾ. ਰੁਪਿੰਦਰ ਪਾਲ ਸਿੰਘ ਨੇ ਸਥਾਨਕ ਐਮ.ਐਸ.ਡੀ ਲਾਰਡ ਰਾਮਾਂ ਸਕੂਲ ਤੋਂ ਰੈਲੀ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਗੁਰਨੂਰ ਡਿਜ਼ਾਈਨਜ਼ ਦੁਆਰਾ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਦਾ ਹੋਇਆ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਦੁਕਾਨਾਂ, ਵਪਾਰਕ ਅਦਾਰੇ, ਹੋਟਲ, ਮਾਲ ਢਾਬੇ ਆਦਿ ਆਪਣੀਆਂ ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ।

ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪਸਾਰ ਲਈ ਕੱਢੀ ਗਈ। ਇਸ ਰੈਲੀ ਵਿੱਚ ਲਾਰਡ ਰਾਮਾ ਸਕੂਲ ਦੇ 500 ਤੋਂ ਵੱਧ ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਭਾਗ ਲਿਆ। ਇਹ ਵਿਸ਼ੇਸ਼ ਰੈਲੀ ਸਥਾਨਕ ਐਮ.ਐਸ.ਡੀ ਲਾਰਡ ਰਾਮਾਂ ਸਕੂਲ ਤੋਂ ਸ਼ੁਰੂ ਹੋ ਕੇ ਕੱਪੜਾ ਮਾਰਕਿਟ, ਮਾਲ ਰੋਡ, ਫਾਇਰ ਬ੍ਰਿਗੇਡ ਚੌਂਕ ਅਤੇ ਰੇਲਵੇ ਚੌਕ ਤੋਂ ਵਾਪਿਸ ਤੋਂ ਹੁੰਦੀ ਹੋਈ ਐਮ.ਐਸ.ਡੀ ਲਾਰਡ ਰਾਮਾਂ ਸਕੂਲ ਵਿਖੇ ਸਮਾਪਤ ਹੋਈ।

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਵਿਭਾਗ ਬਠਿੰਡਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ‘ਮੈਂ ਪੰਜਾਬੀ, ਬੋਲੀ ਪੰਜਾਬੀ’ ਨਾਮ ਹੇਠ 21 ਫ਼ਰਵਰੀ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੂਰੇ 21 ਦਿਨ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਤੱਕ ਚੱਲੇਗੀ ਜਿਸ ਤਹਿਤ ਪੰਜਾਬੀ ਭਾਸ਼ਾ ਨਾਲ਼ ਜੁੜੇ ਵੱਖ-ਵੱਖ ਪਰੋਗਰਾਮ ਕਰਵਾਏ ਜਾ ਰਹੇ ਹਨ ਜਿੰਨ੍ਹਾਂ ਦਾ ਮੁੱਖ ਮਕਸਦ ਪੰਜਾਬੀ ਬੋਲੀ ਦਾ ਆਦਰ ਸਤਿਕਾਰ ਬਹਾਲ ਕਰਨਾ ਹੈ।

ਇਸ ਮੌਕੇ ਖੋਜ ਅਫ਼ਸਰ ਸ਼੍ਰੀ ਨਵਪ੍ਰੀਤ ਸਿੰਘ, ਲਾਰਡ ਰਾਮਾ ਸਕੂਲ ਦੇ ਡਾਇਰੈਕਟਰ ਸੂਰਜ ਸੇਤੀਆ, ਨਾਟਿਅਮ ਥੀਏਟਰ ਗਰੁੱਪ ਦੇ ਪ੍ਰਧਾਨ ਸੁਖਦਰਸ਼ਨ ਗੁਪਤਾ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।