You are currently viewing ਸਿੱਖਿਆ ਤੇ ਸਿਹਤ ਦੇ ਖੇਤਰ ਚ ਸੂਬਾ ਸਰਕਾਰ ਵੱਲੋਂ ਪੁੱਟੀਆਂ ਜਾ ਰਹੀਆਂ ਨੇ ਲੰਬੀਆਂ ਪੁਲਾਘਾਂ : ਹਰਜੋਤ ਬੈਂਸ

ਸਿੱਖਿਆ ਤੇ ਸਿਹਤ ਦੇ ਖੇਤਰ ਚ ਸੂਬਾ ਸਰਕਾਰ ਵੱਲੋਂ ਪੁੱਟੀਆਂ ਜਾ ਰਹੀਆਂ ਨੇ ਲੰਬੀਆਂ ਪੁਲਾਘਾਂ : ਹਰਜੋਤ ਬੈਂਸ

ਐਮ.ਆਰ.ਐਸ.ਪੀ.ਟੀ.ਯੂ. ਦੇ ਸਥਾਪਨਾ ਦਿਵਸ ਮੌਕੇ ਕੀਤੀ ਸ਼ਿਰਕਤ

ਵੱਖ-ਵੱਖ ਖੇਤਰਾਂ ਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਕੀਤਾ ਸਨਮਾਨਿਤ

ਆਦਰਸ਼ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਨੂੰ ਬਣਾਇਆ ਜਾਵੇਗਾ ਨਮੂਨੇ ਦਾ ਸਕੂਲ

ਸਕੂਲ ਦੇ ਸਲਾਨਾ ਸਮਾਗਮ ਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

3 ਕਰੋੜ ਦੀ ਲਾਗਤ ਨਾਲ 50 ਕਮਰੇ ਸਮੇਤ ਲਿਫ਼ਟ ਬਣਾਉਣ ਦਾ ਕੀਤਾ ਐਲਾਨ

ਮਾਰਚ ਮਹੀਨੇ ਵਿੱਚ ਹੋਰ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਭੇਜਿਆ ਜਾਵੇਗਾ ਵਿਦੇਸ਼

 

ਬਠਿੰਡਾ 12 ਫਰਵਰੀ (ਲਖਵਿੰਦਰ ਸਿੰਘ ਗੰਗਾ)

 

ਪੰਜਾਬ ਦੇ ਕੈਬਨਿਟ ਮੰਤਰੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲੀ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਮੁੱਖ ਤੌਰ ਤੇ ਤਰਜੀਹ ਦਿੰਦਿਆਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਲੰਮੀਆਂ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ।

        ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 8ਵੇਂ ਸਥਾਪਨਾ ਦਿਵਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਪਹਿਲਾ ਅਜਿਹਾ ਸੂਬਾ ਹੈ, ਜਿਸ ਦੇ 36 ਪ੍ਰਿੰਸੀਪਲ ਸਿੰਘਾਪੁਰ ਤੋਂ ਟ੍ਰੇਨਿੰਗ ਲੈ ਕੇ ਆਏ ਹਨ ਤੇ ਜਲਦ ਹੀ ਮਾਰਚ ਮਹੀਨੇ ਵਿੱਚ ਅਧਿਆਪਕਾਂ ਦੇ ਇੱਕ ਹੋਰ ਬੈਚ ਨੁੰ ਟ੍ਰੇਨਿੰਗ ਲੈਣ ਲਈ ਵਿਦੇਸ਼ ਭੇਜਿਆ ਜਾਵੇਗਾ। ਇਸ ਮੌਕੇ ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

        ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਤੇ ਸਿਹਤ ਨੂੰ ਉੱਚਾ ਚੁੱਕਣ ਲਈ ਪ੍ਰਮੁੱਖ ਤੌਰ ਤੇ ਤਰਜੀਹ ਦੇ ਰਹੀ ਹੈ। ਸੂਬੇ ਦੇ ਸਰਕਾਰੀ ਸਿੱਖਿਆ ਅਦਾਰੇ ਕਿਸੇ ਵੀ ਪੱਖੋਂ ਪ੍ਰਾਈਵੇਟ ਖੇਤਰ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਟਾਫ਼ ਅਤੇ ਇਮਾਰਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

        ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਉਹਨਾਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦਾ ਵਾਅਦਾ ਕੀਤਾ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਯੋਜਨਾਬੰਦੀ ਵੀ ਸ਼ਾਮਲ ਹੈ। ਉਨ੍ਹਾਂ ਨੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਅਤੇ ਪਲੈਨਿੰਗ ਵਿਭਾਗ ਦੇ ਮੁਖੀ ਡਾ: ਭੁਪਿੰਦਰ ਪਾਲ ਸਿੰਘ ਢੋਟ ਅਤੇ ਸੀਨੀਅਰ ਫੈਕਲਟੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਨ ਲਈ ਇੱਕ ਰੂਪ-ਰੇਖਾ ਉਲੀਕਣ ਲਈ ਵਿਸਤ੍ਰਿਤ ਮੀਟਿੰਗ ਕੀਤੀ। ਐਮ.ਆਰ.ਐਸ.ਪੀ.ਟੀ.ਯੂ. ਆਰਕੀਟੈਕਚਰ ਵਿਭਾਗ ਪ੍ਰਸਤਾਵਿਤ ਨਵੀਆਂ ਸਕੂਲ ਇਮਾਰਤਾਂ ਲਈ ਇੱਕ ਰੋਡ ਮੈਪ ਤਿਆਰ ਕਰੇਗਾ ਅਤੇ ਭਵਿੱਖ ਦੀਆਂ ਲੋੜਾਂ ਮੁਤਾਬਿਕ ਉਪਲਬਧ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਲਈ ਸੁਚੱਝੀ ਰੂਪ ਰੇਖਾ ਤਿਆਰ ਕਰੇਗਾ ।

  

      ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਪ੍ਰਮੁੱਖ ਏਜੰਡਾ ਸਿੱਖਿਆ ਅਤੇ ਸਿਹਤ ਹੈ, ਜਿਸ ਚ ਸੁਧਾਰ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਤੇ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਯਾਦ ਕਰਦਿਆਂ ਉਨ੍ਹਾ ਦੀ ਬਹਾਦਰੀ ਅਤੇ ਪ੍ਰਜਾ ਲਈ ਕੀਤੇ ਗਏ ਕਾਰਜਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।

        ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਧਰਤੀ ਬੇਹੱਦ ਸੋਹਣੀ ਹੈ ਅਤੇ ਇਸ ਦਾ ਵਾਤਾਵਰਣ ਬਹੁਤ ਸ਼ਾਨਦਾਰ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ 500 ਆਮ ਆਦਮੀ ਕਲੀਨਿਕ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਜਟ ਵਿੱਚ ਵੀ ਭਾਰੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

        ਸ੍ਰੀ ਬੈਂਸ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ ਅਤੇ ਇਸ ਕੰਮ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਆਰਕੀਟੈਕਚਰ ਵਿਭਾਗਾਂ ਦੀ ਮੁਹਾਰਤ ਦੀ ਵਰਤੋਂ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਲੋੜੀਂਦਾ ਸਨਮਾਨ ਵੀ ਦਿੱਤਾ ਜਾਵੇਗਾ।

        ਕੈਬਨਿਟ ਮੰਤਰੀ ਸ. ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਸ਼ਵ ਦੇ ਮਹਾਨ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਸੁਨਹਿਰੀ ਯੁੱਗ ਵਾਪਸ ਲਿਆਉਣ ਲਈ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਕੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦੇ ਯਤਨਾਂ ਵਿੱਚ ਕਿਰਿਆਸ਼ੀਲ ਭੂਮਿਕਾ ਅਦਾ ਕਰਨ ਅਤੇ ਹਰ ਸੰਭਵ ਸਹਿਯੋਗ ਕਰਨ ।

        ਇਸ ਮੌਕੇ ਬੋਲਦਿਆਂ ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ, ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਸਥਾਪਨਾ ਦਿਵਸ ਮਹਾਨ ਰਾਜਾ ਮਹਾਰਾਜਾ ਰਣਜੀਤ ਸਿੰਘ ਨੂੰ ਯਾਦ ਕਰਨ ਅਤੇ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਦੇ ਨਾਮ ‘ਤੇ ਯੂਨੀਵਰਸਿਟੀ ਦਾ ਨਾਮ ਰੱਖਿਆ ਗਿਆ ਹੈ। ਸਭ ਤੋਂ ਤੇਜ਼ੀ ਨਾਲ ਵਧ ਰਹੀ ਐਮ.ਆਰ.ਐਸ.ਪੀ.ਟੀ.ਯੂ.  ਦਾ ਸੱਤ ਸਾਲ ਦਾ ਛੋਟਾ ਸਫ਼ਰ ਸ਼ਲਾਘਾਯੋਗ ਰਿਹਾ ਹੈ। ਯੂਨੀਵਰਸਿਟੀ ਦੀ ਅਗਵਾਈ ਕਰਨਾ ਮੇਰੇ ਲਈ ਮਾਣ ਦਾ ਪਲ ਹੈ, ਜਿਸ ਵਿੱਚ ਸ਼ਾਨਦਾਰ ਫੈਕਲਟੀ ਅਤੇ ਮਿਹਨਤੀ ਵਿਦਿਆਰਥੀ ਹਨ। ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੋ. ਸਿੱਧੂ ਨੇ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਸਾਰੇ ਹਿੱਸੇਦਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ।

        ਇਸ ਮੌਕੇ ਕੈਬਨਿਟ ਮੰਤਰੀ ਅਤੇ ਪਤਵੰਤੇ ਸੱਜਣਾਂ ਨੇ ਉੱਘੇ ਕਲਾਕਾਰ ਸ. ਹਰਦਰਸ਼ਨ ਸਿੰਘ ਸੋਹਲ ਵੱਲੋਂ ਤਿਆਰ ਕੀਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਜ਼ਾਰੀ ਕੀਤਾ। ਜਦੋਂ ਕਿ ਯੂਨੀਵਰਸਿਟੀ ਦੇ ਡੀਨ ਰਿਸਰਚ ਐਂਡ ਡਿਵੈਲਪਮੈਂਟ ਅਤੇ ਡਾਇਰੈਕਟਰ ਆਈ.ਕਿਊ.ਏ.ਸੀ., ਡਾ: ਆਸ਼ੀਸ਼ ਬਾਲਦੀ ਅਤੇ ਡਾ: ਮੁਨੀਸ਼ ਕੁਮਾਰ, ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ ਨੂੰ ਸਟੈਨਫੋਰਡ ਯੂਨੀਵਰਸਿਟੀ ਦੀ ਸੂਚੀ ਵਿੱਚ ਵਿਸ਼ਵ ਭਰ ਦੇ ਚੋਟੀ ਦੇ 2 ਪ੍ਰਤੀਸ਼ਤ ਵਿਗਿਆਨੀਆਂ ਵਿੱਚ ਸ਼ਾਮਲ ਹੋਣ ਲਈ ਸਨਮਾਨਿਤ ਕੀਤਾ ਗਿਆ। ਮੰਤਰੀ ਨੇ ਨਵੀਨਤਾਕਾਰੀ ਸ਼ੁਰੂਆਤ ਅਤੇ ਉੱਦਮੀਆਂ, ਪਰਉਪਕਾਰੀ ਬਾਬਾ ਸੁਬੇਗ ਸਿੰਘ, ਜੋ ਕਿ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼), ਬਠਿੰਡਾ ਵਿੱਚ ਆਪਣੀ ਸ਼ੁਰੂਆਤ ਤੋਂ ਹੀ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰ ਰਹੇ ਹਨ ਨੂੰ ਸਨਮਾਨਿਤ ਕੀਤਾ । ਵੱਖ-ਵੱਖ ਖੇਤਰਾਂ ਵਿੱਚ ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮੋਗਾ (ਬੈਸਟ ਐਡਮਿਸ਼ਨ), ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ (ਬੈਸਟ ਪਲੇਸਮੈਂਟ ਅਤੇ ਨਤੀਜੇ) ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗਿੱਦੜਬਾਹਾ (ਸਭ ਤੋਂ ਵਧੀਆ ਨਤੀਜੇ) ਦੇ ਜੇਤੂ ਕਾਲਜਾਂ ਦੇ ਪ੍ਰਬੰਧਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਸੰਗਤ ਅਤੇ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਵੀ ਛਕਿਆ ਗਿਆ।

        ਇਸ ਉਪਰੰਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਕੈਨਾਲ ਕਲੋਨੀ ਵਿਖੇ ਸਥਿਤ ਸਰਕਾਰੀ ਆਦਰਸ਼ ਪ੍ਰਾਇਮਰੀ ਸਕੂਲ ਵੱਲੋਂ ਕਰਵਾਏ ਗਏ ਸਲਾਨਾ ਸਮਾਰੋਹ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਅੰਦਰ 117 ‘ਸਕੂਲ ਆਫ਼ ਐਮੀਨੈਂਸ’ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ 1800 ਤੋਂ ਵਧੇਰੇ ਨਵੇਂ ਕਮਰੇ ਅਤੇ ਬਿਜਨਿਸ ਬਲਾਸਟਰ ਆਦਿ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ।

        ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਜਿੱਥੇ ਅਧਿਆਪਕਾਂ ਨੂੰ ਹੋਰ ਮੇਹਨਤ ਨਾਲ ਪੜ੍ਹਾਉਣ ਲਈ ਪ੍ਰੇਰਿਤ ਕੀਤਾ, ਉੱਥੇ ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਵੀ ਅਪੀਲ ਕੀਤੀ। ਕਿਉਂਕਿ ਸਰਕਾਰੀ ਸਕੂਲਾਂ ਵਿੱਚ ਉਚ ਸਿੱਖਿਆ ਪ੍ਰਾਪਤ ਅਤੇ ਮਾਹਰ ਅਧਿਆਪਕਾਂ ਵੱਲੋਂ ਪੜ੍ਹਾਈ ਕਰਵਾਈ ਜਾ ਰਹੀ ਹੈ।

        ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਕਿਹਾ ਕਿ ਇਸ ਆਦਰਸ਼ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ। ਉਨ੍ਹਾਂ ਇਸ ਸਕੂਲ ਚ ਕਮਰਿਆਂ ਦੀ ਘਾਟ ਨੂੰ ਦੇਖਦੇ ਹੋਏ 50 ਹੋਰ ਕਮਰੇ ਬਣਾਉਣ ਅਤੇ ਸਮੇਤ ਲਿਫ਼ਟ ਲਗਾਉਣ ਦਾ ਵੀ ਐਲਾਨ ਕੀਤਾ।

        ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਲੁੱਡੀ, ਗਿੱਧਾ ਤੇ ਭੰਗੜਾ ਆਦਿ ਪੇਸ਼ਕਾਰੀਆਂ ਦਾ ਵੀ ਆਨੰਦ ਮਾਣਿਆ ਤੇ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

        ਇਸ ਮੌਕੇ ਐਮਆਰਐਸਪੀਟੀਯੂ ਦੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਹਰਜਿੰਦਰ ਸਿੱਧੂ, ਕਨਵੀਨਰ ਡਾ. ਭੁਪਿੰਦਰਪਾਲ ਸਿੰਘ, ਯੂਨੀਵਰਸਿਟੀ ਦੇ ਡੀਨਜ਼ ਡਾਇਰੈਕਟਰ, ਸਟਾਫ਼ ਤੇ ਵਿਦਿਆਰਥੀ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਿੰਦਰ ਸਿੰਘ, ਉਘੇ ਲੇਖਕ, ਐਕਟਰ ਤੇ ਡਾਇਰੈਕਟਰ ਸ੍ਰੀ ਸੁਦਰਸ਼ਨ ਮੈਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ  ਐਲੀਮੈਂਟਰੀ  ਸ੍ਰੀ ਮੇਵਾ ਸਿੰਘ ਸਿੱਧੂ ਆਦਿ ਸ਼ਖਸ਼ੀਅਤਾਂ ਹਾਜ਼ਰ ਸਨ।