ਬਠਿੰਡਾ, 2 ਅਪ੍ਰੈਲ : ਧਰਤੀ ਹੇਠਲੇ ਪਾਣੀ ਦੇ ਡਿੱਗਦੇ ਜਾ ਰਹੇ ਪੱਧਰ ਦੇ ਮੱਦੇਨਜ਼ਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਤਹਿਤ ਨਰਮੇ ਦੀ ਫ਼ਸਲ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਨਾਲ ਹੀ ਨਰਮੇ ਦੇ ਬੀਜ ਤੇ 33 ਫ਼ੀਸਦੀ ਸਬਸਿਡੀ, ਅਗੇਤੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਸਪਲਾਈ, ਕਿਸਾਨ ਮਿੱਤਰ/ਸੁਪਰਵਾਈਜ਼ਰ ਆਦਿ ਉਪਰਾਲੇ ਕੀਤੇ ਜਾ ਰਹੇ ਹਨ।
ਫੀਲਡ ਲੈਵਲ ਤੇ ਇਨ੍ਹਾਂ ਉਪਰਾਲਿਆਂ ਦੀ ਜਾਂਚ ਲਈ ਡਾ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਬਲਾਕ ਬਠਿੰਡਾ ਦੇ ਪਿੰਡ ਬੱਲੂਆਣਾ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨਰਮੇ ਦੀ ਫਸਲ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਮਹਿਕਮੇ ਵਿਚ ਰੱਖੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਸਿਖਲਾਈ ਅਨੁਸਾਰ ਅਲਾਟ ਹੋਏ ਪਿੰਡਾਂ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਦਿਲਬਾਗ ਸਿੰਘ ਦੀ ਯੋਗ ਅਗਵਾਈ ਹੇਠ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ, ਡਾ ਮਨਜਿੰਦਰ ਸਿੰਘ, ਡਾ ਲਵਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫਸਰ ਨੂੰ ਨਰਮੇ ਦੀ ਵੱਧ ਤੋਂ ਵੱਧ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਅਤੇ ਵੱਧ ਤੋਂ ਵੱਧ ਫੀਲਡ ਵਿੱਚ ਰਹਿਣ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਨਰਮੇ ਦੀ ਫਸਲ ਦੀ ਮੁੜ ਸੁਰਜੀਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਲਈ ਕਿਸਾਨ ਭਰਾ ਨਰਮੇ ਵਾਲਾ ਜ਼ਿਲ੍ਹਾ ਹੋਣ ਕਰਕੇ ਮੂੰਗੀ ਦੀ ਕਾਸ਼ਤ ਕਰਨ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਨਰਮੇ ਦੇ ਬੀਜ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਵਿਭਾਗ ਦੀ ਵੈਬਸਾਈਟ agrimachinerypb.com ਤੇ 15 ਮਈ ਤੱਕ ਅਰਜ਼ੀਆਂ ਦੇ ਸਕਦੇ ਹਨ। ਜੇਕਰ ਕਿਸੇ ਵੀ ਕਿਸਾਨ ਨੂੰ ਇਸ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਗੱਲ ਸਕਦੇ ਹਨ।