ਫਾਜਿ਼ਲਕਾ, 3 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਮੌਸਮੀ ਬਰਸਾਤਾਂ ਕਾਰਨ ਹੋਏ ਫਸਲਾਂ ਦੇ ਖਰਾਬੇ ਸਬੰਧੀ ਸਪੈਸ਼ਲ ਗਿਰਦਾਵਰੀ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਵਿਚ ਗਿਰਦਾਵਰੀ ਦੀ ਪ੍ਰਕ੍ਰਿਆ ਜਾਰੀ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ ਖੁਦ ਗਿਰਦਾਵਰੀ ਦੀ ਨਿਗਰਾਨੀ ਕਰ ਰਹੇ ਹਨ। ਪਿੰਡ ਦੇ ਲੋਕਾਂ ਦੇ ਸਾਹਮਣੇ ਪਟਵਾਰੀਆਂ ਵੱਲੋਂ ਗਿਰਦਾਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪ੍ਰਭਾਵਿਤ ਕਿਸਾਨ ਦਾ ਨਾਂਅ ਖਰਾਬੇ ਦੀ ਸੂਚੀ ਵਿਚ ਸ਼ਾਮਿਲ ਕਰਨ ਤੋਂ ਵਾਂਝਾ ਨਾ ਰਹੇ।
ਪਿੰਡ ਹਸਤਾਂ ਕਲਾਂ ਅਤੇ ਮਹਾਤਮ ਨਗਰ ਵਿਚ ਗਿਰਦਾਵਰੀ ਦਾ ਮੁਆਇਨਾ ਕਰਨ ਪੁੱਜੇ ਫਾਜਿ਼ਲਕਾ ਦੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਬਧਤ ਕਿਸਾਨਾਂ ਦੀ ਹਾਜਰੀ ਵਿਚ ਉਨ੍ਹਾਂ ਦੇ ਖੇਤਾਂ ਵਿਚ ਪਹੁੰਚ ਕੇ ਗਿਰਦਾਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਤੈਅ ਸਮੇਂ ਅੰਦਰ ਗਿਰਦਾਵਰੀ ਪੂਰੀ ਕਰ ਲਈ ਜਾਵੇਗੀ।