ਡਾ. ਐੱਚ.ਐੱਸ ਗਿੱਲ ਨੇ ਬਾਦਲ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਬਠਿੰਡਾ 30 ਅਪ੍ਰੈਲ : ਆਦੇਸ਼ ਗਰੁੱਪ ਦੇ ਚੇਅਰਮੈਨ ਅਤੇ ਆਦੇਸ਼ ਯੂਨੀਵਰਸਿਟੀ ਦੇ ਚਾਂਸਲਰ ਡਾ. ਐੱਚਐੱਸ ਗਿੱਲ ਨੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਤੇ ਸ਼ੁੱਕਰਵਾਰ ਸ਼ਾਮ ਨੂੰ ਉਹ ਪਿੰਡ ਬਾਦਲ ਸਥਿਤ ਬਾਦਲ ਨਿਵਾਸ ਵਿਖੇ ਪੁੱਜੇ ਅਤੇ ਉਨ੍ਹਾਂ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਡਾ. ਐੱਚਐੱਸ ਗਿੱਲ ਨੇ ਕਿਹਾ ਕਿ ਮਰਹੂਮ ਬਾਦਲ ਬਹੁਤ ਦੂਰਅੰਦੇਸ਼ੀ ਸੋਚ ਦੇ ਮਾਲਕ ਸਨ, ਜਿਨ੍ਹਾਂ ਨੇ ਨਾ ਸਿਰਫ਼ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ, ਸਗੋਂ ਹਿੰਦੂਆਂ ਅਤੇ ਸਿੱਖਾਂ ਵਿਚਕਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਵੀ ਜ਼ਿਕਰਯੋਗ ਭੂਮਿਕਾ ਨਿਭਾਈ।
ਸਿੱਖਿਆ ਅਤੇ ਸਿਹਤ ਦੇ ਖੇਤਰ ਵੀ ਬਾਦਲ ਦੀ ਪਹਿਲ ‘ਤੇ ਸਨ। ਬਾਦਲ ਦੀਆਂ ਇਨ੍ਹਾਂ ਤਰਜੀਹਾਂ ਕਾਰਨ ਹੀ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ ਇੰਨੇ ਵੱਡੇ ਪੱਧਰ ‘ਤੇ ਵਿੱਦਿਅਕ ਅਦਾਰੇ ਖੋਲ੍ਹੇ ਗਏ ਹਨ। ਬਠਿੰਡਾ ਵਿਚ ਯੂਨੀਵਰਸਿਟੀਆਂ ਤੋਂ ਇਲਾਵਾ ਏਮਜ਼ ਵਰਗੀਆਂ ਸੰਸਥਾਵਾਂ ਵੀ ਉਸ ਦੀ ਬਦੌਲਤ ਹਨ।