ਕਿਸਾਨਾਂ ਨੂੰ ਡੀਏਪੀ ਤੇ ਯੂਰੀਆਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਘਾਟ
ਬਠਿੰਡਾ, 8 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਆਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਡੀਏਪੀ ਅਤੇ ਯੂਰੀਆ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਾੜੀ ਦੇ ਸੀਜ਼ਨ ਦੀ ਲੋੜ ਅਨੁਸਾਰ ਜ਼ਿਲ੍ਹੇ ਚ ਡੀਏਪੀ ਅਤੇ ਯੂਰੀਆ ਦੀ ਰੈਕ ਲੱਗ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਰੋਂ ਦੀ ਫ਼ਸਲ ਲਈ ਡੀਏਪੀ ਦੀ ਜਗ੍ਹਾਂ ਦੇ ਐਸਐਸਪੀ ਖਾਦ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਤੇਲ ਦੀ ਵਧੀਆ ਕੁਆਲਿਟੀ ਮਿਲ ਸਕੇ। ਇਸ ਤੋਂ ਇਲਾਵਾ ਡੀਏਪੀ ਦੀ ਜਗ੍ਹਾ ਐਨਪੀਕੇ 12:32:16 ਅਤੇ ਐਮਏਪੀ ਨੂੰ ਵੀ ਕਣਕ ਦੀ ਫ਼ਸਲ ਵਿੱਚ ਡੀਏਪੀ ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ।
ਡਾ. ਹਸਨ ਨੇ ਜ਼ਿਲ੍ਹੇ ਅੰਦਰ ਪੈਂਦੀਆਂ ਸਮੂਹ ਵਿਕਰੇਤਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੀਏਪੀ ਅਤੇ ਯੂਰੀਆ ਦੀ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ ਨਾ ਕੀਤੀ ਜਾਵੇ ਅਤੇ ਨਾ ਹੀ ਡੀਏਪੀ ਤੇ ਯੂਰੀਆ ਨਾਲ ਹੋਰ ਖੇਤੀ ਵਸਤਾਂ ਨੂੰ ਟੈਗ ਕਰਕੇ ਵੇਚਿਆ ਜਾਵੇ ਜੇਕਰ ਕੋਈ ਵੀ ਡੀਲਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਾਲ ਕਣਕ ਦੀ ਬਿਜਾਈ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਹੀ ਕੀਤੀ ਜਾਵੇ ਤਾਂ ਜੋ ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ।