ਚੂਹਿਆਂ ਦੀ ਰੋਕਥਾਮ ਸਬੰਧੀ ਕਰਵਾਇਆ ਜਾਣੂ

ਚੂਹਿਆਂ ਦੀ ਰੋਕਥਾਮ ਸਬੰਧੀ ਕਰਵਾਇਆ ਜਾਣੂ

 

• ਕਣਕ ਦੀਆਂ ਨਵੀਆਂ ਕਿਸਮਾਂ ਤੇ ਗੁਣਵੱਤਾ ਬਾਰੇ ਕਰਵਾਇਆ ਜਾਣੂ

ਬਠਿੰਡਾ, 18 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸੰਬੰਧੀ ਜ਼ਿਲ੍ਹੇ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀ, ਪ੍ਰੋਫੈਸਰ (ਪਿਸਾਰ ਸਿੱਖਿਆ) ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਪਰਾਲੀ ਪ੍ਰਬੰਧ ਲਈ ਚਾਰ ਪਿੰਡ ਚੁਣੇ ਗਏ ਹਨ, ਜਿਨ੍ਹਾਂ ਚ ਪਰਾਲੀ ਦੀ ਸਾਂਭ-ਸੰਭਾਲ ਜਾਗਰੂਕਤਾ ਮੁਹਿੰਮ, ਕੈਂਪ ਤੇ ਪ੍ਰਦਰਸ਼ਨੀਆਂ ਆਦਿ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਪਰਾਲੀ ਪ੍ਰਬੰਧ ਦੀਆਂ ਮਸ਼ੀਨਾਂ ਜਿਵੇਂ ਸਰਫੇਸ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਮਲਚਰ, ਚੌਪਰ ਆਦਿ ਦੀ ਵਰਤੋਂ ਕਰਕੇ ਆਪਣੇ ਖੇਤ ਦੇ ਪਰਾਲ ਦਾ ਮੁਕੰਮਲ ਪ੍ਰਬੰਧ ਕਰਨ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਕਣਕ ਦੀਆਂ ਨਵੀਆਂ ਕਿਸਮਾਂ ਅਤੇ ਗੁਣਵੱਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਦੌਰਾਨ ਸਹਾਇਕ ਪ੍ਰੋਫੈਸਰ, ਪੌਦ ਸੁਰੱਖਿਆ, ਡਾ ਵਿਨੈ ਸਿੰਘ ਪਠਾਨੀਆ ਨੇ ਖੁੰਬਾਂ ਦੀ ਕਾਸ਼ਤ ਲਈ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਤੇ ਘਰੇਲੂ ਬਗੀਚੀ ਵਿੱਚ ਸਬਜੀਆਂ ਅਤੇ ਫਲਾਂ ਦੀ ਮਹੱਤਤਾ ਬਾਰੇ ਵੀ ਦੱਸਿਆ।

ਇਸ ਦੌਰਾਨ ਡਾ. ਪਠਾਨੀਆ ਨੇ ਆਏ ਹੋਏ ਕਿਸਾਨਾਂ ਨੂੰ ਕਣਕ, ਝੋਨੇ ਅਤੇ ਨਰਮੇ ਦੀ ਫਸਲ ਦੇ ਕੀੜਿਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਹੈਪੀ ਸੀਡਰ ਅਤੇ ਸਰਫੇਸ ਸੀਡਰ ਨਾਲ ਬੀਜੀ ਹੋਈ ਕਣਕ ਵਿੱਚ ਚੂਹਿਆਂ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।