ਬਠਿੰਡਾ, 21 ਅਕਤੂਬਰ : ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਸ਼ਹੀਦੀ ਸਮਾਗਮ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸੀ.ਜੇ.ਐਮ. ਸ੍ਰੀ ਮੁਹੇਸ਼ ਕੁਮਾਰ ਸ਼ਰਮਾ ਤੇ ਪ੍ਰਿੰਸੀਪਲ ਜੱਜ ਫ਼ੈਮਲੀ ਕੋਰਟ ਸ਼੍ਰੀ ਰਮਨ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।
ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ। ਇਸ ਦੌਰਾਨ ਡੀ.ਐਸ.ਪੀ. ਮੈਡਮ ਹਿਨਾ ਗੁਪਤਾ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।
ਸਮਾਗਮ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।