ਕੌਮੀ ਲੋਕ ਅਦਾਲਤ ਦੌਰਾਨ 100 ਕੇਸਾਂ ਦਾ ਕੀਤਾ ਨਿਪਟਾਰਾ
ਬਠਿੰਡਾ, 21 ਅਕਤੂਬਰ : ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਲੋਕ ਅਦਾਲਤ ਵਿਚ 6 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਮੈਟ੍ਰੀਮੋਨੀਅਲ, ਲੈਂਡ ਐਕੁਅਜੀਸ਼ਨ, ਮੋਟਰ ਐਕਸੀਡੈਂਟ ਕੇਲਮ ਟ੍ਰਿਬਉਨਲ ਸਬੰਧਤ ਕੇਸ ਲਗਾਏ ਗਏ। ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 184 ਕੇਸ ਲਗਾਏ ਗਏ ਹਨ, ਜਿਨ੍ਹਾਂ ਚੋਂ 100 ਕੇਸਾਂ ਦਾ ਨਿਪਟਾਰਾ ਕੀਤਾ ਗਿਆ ।
ਇਸ ਦੌਰਾਨ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ.—ਸਹਿਤ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਦੇਸ਼ ਭਰ ਵਿੱਚ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।
ਸ਼੍ਰੀ ਸੁਰੇਸ਼ ਕੁਮਾਰ ਗੋਇਲ ਨੇ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਫੈਸਲੇ ਨਾਲ ਜਿੱਥੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਉੱਥੇ ਹੀ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਵਾਉਣ । ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 9 ਦਸੰਬਰ 2023 ਨੂੰ ਕੀਤਾ ਜਾਵੇਗਾ।