ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਠਿੰਡਾ, 26 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਵੱਲੋਂ ਪਿੰਡ ਤਿਉਣਾ ਵਿਖੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਲਾਮਬੰਦ ਕਰਨ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਪ੍ਰਤੀ ਜਾਗਰੂਕ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ‘ਤੇ ਨੁੱਕੜ ਨਾਟਕ, ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ।
ਇਸ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਰੈਲੀ ਕੱਢਣ ਦੇ ਨਾਲ-ਨਾਲ ਕੇ.ਵੀ.ਕੇ ਦੇ ਵਿਗਿਆਨੀਆਂ ਵੱਲੋਂ ਵਿਦਿਆਰਥੀਆਂ ਨਾਲ ਝੋਨੇ ਦੀ ਪਰਾਲੀ ਪ੍ਰਬੰਧਨ ਤਕਨੀਕਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਕੇ.ਵੀ.ਕੇ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ।