You are currently viewing ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਜਗਰੂਪ ਗਿੱਲ

ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਜਗਰੂਪ ਗਿੱਲ

ਬਠਿੰਡਾ, 31 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਚ ਪੜਨ ਵਾਲੀਆਂ ਵਿਦਿਆਰਥਣਾਂ ਨੂੰ ਘਰ ਤੋਂ ਸਕੂਲ ਤੇ ਸਕੂਲ ਤੋਂ ਘਰ ਤੱਕ ਆਉਣ-ਜਾਣ ਲਈ ਸ਼ੁਰੂ ਕੀਤੀ ਜਾ ਰਹੀ ਬੱਸ ਸਹੂਲਤ ਦੇ ਮੱਦੇਨਜ਼ਰ ਸਥਾਨਕ ਸਥਾਨਕ ਮਾਲ ਰੋਡ ‘ਤੇ ਸਥਿੱਤ ਸ਼ਹੀਦ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਸਕੂਲੀ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਹਨ।
ਇਸ ਮੌਕੇ ਬੋਲਦਿਆਂ ਵਿਧਾਇਕ ਸ. ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਜਿੱਥੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਦਿਆਂ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ ਉੱਥੇ ਹੀ ਸਿਹਤ ਸਹੂਲਤਾਂ ਨੂੰ ਹੋਰ ਬੇਤਹਰ ਬਣਾਉਣ ਲਈ ਆਮ ਆਦਮੀ ਕਲੀਨਿਕ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਅਪਣਾਈ ਜਾ ਰਹੀ ਨੀਤੀ ਤਹਿਤ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ।
ਇਸ ਦੌਰਾਨ ਵਿਧਾਇਕ ਸ. ਗਿੱਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਹੁਤ ਹੀ ਖੁਸ਼ਕਿਸਮਤ ਹਨ ਜਿਨ੍ਹਾਂ ਨੂੰ ਸਰਕਾਰ ਵਲੋਂ ਉਨ੍ਹਾਂ ਦੀ ਸਿੱਖਿਆ ਤੇ ਸੁਰੱਖਿਆ ਦੇ ਮੱਦੇਨ਼ਜਰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤਹਿਤ ਸਰਕਾਰੀ ਸਕੂਲਾਂ ਵਿੱਚ 3 ਕਿਲੋਮੀਟਰ ਤੋਂ ਵਧੇਰੇ ਦੂਰੀ ਤੋਂ ਪੜ੍ਹਨ ਆਉਣ ਵਾਲੀਆਂ ਵਿਦਿਆਰਥਣਾਂ ਲਈ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ, ਇਸ ਨਾਲ ਜਿੱਥੇ ਉਨ੍ਹਾਂ ਦੀ ਸੁਰੱਖਿਆ ਹੋਵੇਗੀ ਉੱਥੇ ਹੀ ਉਨ੍ਹਾਂ ਦੇ ਮਾਂ-ਬਾਪ ਦੀ ਚਿੰਤਾ ਵੀ ਘਟੇਗੀ ਤੇ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ।
ਇਸ ਮੌਕੇ ਸ. ਗਿੱਲ ਨੇ ਬਠਿੰਡਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਉਦਯੋਗਿਕ ਕ੍ਰਾਂਤੀ ਦੇ ਮੱਦੇਨ਼ਜਰ 9 ਕਰੋੜ ਦੀ ਲਾਗਤ ਨਾਲ ਰੋਜ ਗਾਰਡਨ ਨੇੜੇ ਮਕੈਨੀਕਲ ਪਾਰਕ ਬਣਾਇਆ ਜਾ ਰਿਹਾ ਹੈ ਜੋ ਕਿ ਨੌਜਵਾਨਾਂ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਵੇਗਾ। ਸ਼ਹਿਰ ਵਾਸੀਆਂ ਦੀ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ 37.5 ਕਰੋੜ ਦੀ ਲਾਗਤ ਨਾਲ ਝੀਲ ਨੰਬਰ 1 ਨੂੰ ਵਾਟਰ ਟੈਂਕ ਵਿੱਚ ਤਬਦੀਲ ਕਰਨ ਲਈ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਵੀ ਜਲਦ ਛੁਟਕਾਰਾ ਮਿਲੇਗਾ।
ਇਸ ਦੌਰਾਨ ਸ. ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਦੀ ਦਿਸ਼ਾ ਤੇ ਦਸ਼ਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਵਧੇਰੇ ਆਧੁਨਿਕ ਤਕਨੀਕਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਨੌਕਰੀਆਂ ਸਿਰਫ਼ ਤੇ ਸਿਰਫ਼ ਯੋਗਤਾ ਤੇ ਮੈਰਿਟ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਜਿਸ ਕਾਰਨ ਹੁਣ ਆਮ ਘਰਾਂ ਦੇ ਬੱਚੇ ਵੀ ਪੀਸੀਐਸ ਅਤੇ ਜੁਡੀਸ਼ਲੀ ਚ ਵੀ ਭਰਤੀ ਹੋ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ, ਐਮਸੀ ਸੁਖਦੀਪ ਸਿੰਘ, ਸ਼੍ਰੀ ਜਗਦੀਸ਼ ਸਿੰਘ, ਬੱਲੀ ਬਲਜੀਤ ਸਿੰਘ, ਸ਼ਹੀਦ ਰਵੀ ਇੰਦਰ ਸਿੰਘ ਸੰਧੂ ਦੇ ਮਾਤਾ ਪਰਮਿੰਦਰ ਕੌਰ, ਪਿਤਾ ਸ. ਜਸਵੀਰ ਸਿੰਘ ਤੇ ਸ਼ਹੀਦ ਰਵੀ ਇੰਦਰ ਸਿੰਘ ਸੰਧੂ ਦਾ ਬੇਟਾ ਰਣਅਜੈ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥਣਾ ਆਦਿ ਹਾਜ਼ਰ ਸਨ।