ਜ਼ਿਲ੍ਹੇ ਭਰ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ
• ਜ਼ਿਲ੍ਹੇ ਦੀਆਂ ਮੰਡੀਆਂ ਚ ਹੁਣ ਤੱਕ 400130 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਬਠਿੰਡਾ, 31 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਝੋਨੇ ਦੀ ਆਮਦ ਵਿੱਚ ਜਿੱਥੇ ਤੇਜ਼ੀ ਆਈ ਹੈ ਉੱਥੇ ਹੀ ਖ਼ਰੀਦ ਤੇ ਲਿਫ਼ਟਿੰਗ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ। ਜ਼ਿਲ੍ਹੇ ਅੰਦਰ ਹੁਣ ਤੱਕ 400130 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 360713 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ੍ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ ਜਾਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸ ਦੀ ਸਾਂਭ-ਸੰਭਾਲ ਕੀਤੀ ਜਾਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਿਜੈ ਸਿੰਗਲਾ ਨੇ ਹੁਣ ਤੱਕ ਕੀਤੀ ਖਰੀਦ ਬਾਰੇ ਦੱਸਿਆ ਕਿ ਪਨਗ੍ਰੇਨ ਵੱਲੋਂ 140383 ਐਮ.ਟੀ, ਮਾਰਕਫੈਡ 91220 ਐਮ.ਟੀ, ਪਨਸਪ 78739 ਐਮ.ਟੀ, ਵੇਅਰਹਾਊਸ 49371 ਐਮ.ਟੀ ਅਤੇ ਵਪਾਰੀਆਂ ਵੱਲੋਂ 1000 ਐਮ.ਟੀ ਝੋਨੇ ਦੀ ਖ਼ਰੀਦ ਕੀਤੀ ਗਈ ਹੈ।