ਪਰਾਲੀ ਪ੍ਰਬੰਧਨ ਸਬੰਧੀ ਸਰਪੰਚਾਂ, ਨੰਬਰਦਾਰਾਂ ਅਤੇ ਐਨਜੀਓਜ਼ ਦਾ ਲਿਆ ਜਾਵੇ ਸਹਿਯੋਗ : ਡਿਪਟੀ ਕਮਿਸ਼ਨਰ
• ਡੀਸੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਬਠਿੰਡਾ, 3 ਨਵੰਬਰ : ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਸਪੈਸ਼ਲ ਕਲਾਸਟਰ ਅਫ਼ਸਰਾਂ ਨਾਲ ਕੀਤੀ ਗਈ ਰੀਵਿਊ ਬੈਠਕ ਦੀ ਸਮੀਖਿਆ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਪੈਸ਼ਲ ਕਲੱਸਟਰਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਲਗਾਤਾਰ ਫੀਲਡ ਵਿੱਚ ਰਹਿ ਕੇ ਪਰਾਲੀ ਸਾੜਨ ਦੇ ਕਾਰਨ ਹੋਣ ਵਾਲੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਉਹ ਪਰਾਲੀ ਦੇ ਨਾਲ-ਨਾਲ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਟੌਪ ਰੀਪਰ ਟਰੈਕਟਰ ਮਾਊਂਟਿਡ, ਸ਼ਰੱਬ ਮਾਸਟਰ/ਰੋਟਰੀ ਸ਼ੈਲਟਰ, ਰਿਵਰਸੀਬਲ ਐਮ.ਬੀ. ਪਲੌਅ, ਕਟੌਪ ਰੀਪਰ ਸੈਲਫ-ਪ੍ਰੋਪੈਲਡ, ਰੀਪਰ-ਕਮ-ਬਾਇੰਡਰ, ਸਟਰਾਅ ਰੇਕ ਅਤੇ ਬੇਲਰ ਆਦਿ ਦੀ ਵਰਤੋਂ ਕਰਦਿਆਂ ਪਰਾਲੀ ਦਾ ਨਿਪਟਾਰਾ ਕਰਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ, ਸ਼੍ਰੀ ਗੁਰਜੀਤ ਸਿੰਘ, ਬੀਡੀਪੀਓਜ਼ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਸਪੈਸ਼ਲ ਕਲੱਸਟਰ ਆਦਿ ਹਾਜ਼ਰ ਸਨ।