You are currently viewing ਤਾਂ ਫ਼ਿਰ ਧਰਤੀ ਦੀ ਹਿੱਕ ਸਾੜਨ ਵਾਲੇ ਉਹਦੇ ਕੀ ਲਗਦੇ ਆ ???

ਤਾਂ ਫ਼ਿਰ ਧਰਤੀ ਦੀ ਹਿੱਕ ਸਾੜਨ ਵਾਲੇ ਉਹਦੇ ਕੀ ਲਗਦੇ ਆ ???

ਤਾਂ ਫ਼ਿਰ ਧਰਤੀ ਦੀ ਹਿੱਕ ਸਾੜਨ ਵਾਲੇ ਉਹਦੇ ਕੀ ਲਗਦੇ ਆ ???

 

ਬਠਿੰਡਾ, 14 ਨਵੰਬਰ : ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਗਿੱਲਪੱਤੀ, ਭੋਖੜਾ, ਖਿਆਲੀਵਾਲਾ, ਗੋਬਿੰਦਪੁਰਾ, ਹਰਰਾਏਪੁਰ, ਢਿਪਾਲੀ, ਅਤੇ ਪਿੰਡ ਬੀਬੀਵਾਲਾ ਆਦਿ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਜਿੱਥੇ ਕਈ ਪਿੰਡਾਂ ਵਿੱਚ ਮੌਕੇ ਤੇ ਪਹੁੰਚ ਕੇ ਕਿਸਾਨਾਂ ਵੱਲੋਂ ਲਗਾਈ ਗਈ ਪਰਾਲੀ ਦੀ ਅੱਗ ਨੂੰ ਬੁਝਵਾਇਆ ਗਿਆ, ਉਥੇ ਹੀ ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਦਾ ਵਾਸਤਾ ਪਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਦੁਰਪ੍ਰਭਾਵਾਂ ਬਾਰੇ ਜਾਣੂੰ ਕਰਵਾਉਂਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਵੀ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਰਾ ਸੋਚਣ ਕਿ ਜੇ ਅਸੀਂ ਧਰਤੀ/ਜ਼ਮੀਨ ਨੂੰ ਆਪਣੀ ਮਾਂ ਸਮਝਦੇ ਹਾਂ ਤਾਂ ਫ਼ਿਰ ਅਸੀਂ ਧਰਤੀ ਦੀ ਹਿੱਕ ਸਾੜਨ ਵਾਲੇ ਉਹਦੇ ਕੀ ਲਗਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲੇ ਪ੍ਰਦੂਸ਼ਣ ਕਾਰਨ ਅਸੀਂ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ।

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕੀਤੇ ਗਏ ਦੌਰੇ ਦੌਰਾਨ ਜ਼ਿਲ੍ਹੇ ਦੇ ਪਿੰਡ ਖਿਆਲੀਵਾਲਾ ਵਿਖੇ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੌਕੇ ਤੇ ਪਹੁੰਚਕੇ ਬੁਝਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਤੇ ਉਸ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਉਂਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ, ਜਿਸ ਦੀ ਵਰਤੋਂ ਉਹ ਖੁਦ ਅਤੇ ਹੋਰਨਾਂ ਕਿਸਾਨਾਂ ਨੂੰ ਕਰਵਾਉਣੀ ਵੀ ਲਾਜ਼ਮੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਇਹ ਵੀ ਦੱਸਿਆ ਕਿ ਉਹ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ। ਪਰਾਲੀ ਨੂੰ ਅੱਗ ਲਗਾਉਣ ਨਾਲ ਫ਼ਸਲਾਂ ਦਾ ਝਾੜ ਵੀ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਭਿਆਨਕ ਬਿਮਾਰੀਆਂ ਫੈਲਣ ਦੇ ਨਾਲ-ਨਾਲ ਸੜ੍ਹਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।