ਝੰਡਾ ਦਿਵਸ ਮੌਕੇ ਲਗਾਏ ਬੈਜ ਤੇ ਖੂਨਦਾਨ ਕੈਂਪ
ਬਠਿੰਡਾ, 7 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਰਮਡ ਫੋਰਸਜ਼ ਫਲੈਗ ਡੇ ਦਾ ਪਵਿੱਤਰ ਦਿਹਾੜਾ ਭਾਰਤੀ ਸੈਨਾਵਾਂ ਵਿੱਚ ਤੈਨਾਤ ਜਵਾਨਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਹਰ ਸਾਲ 07 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਯਾਦ ਕਰਾਉਂਦਾ ਹੈ ਕਿ ਅਸੀਂ ਥਲ, ਹਵਾਈ ਅਤੇ ਜਲ ਸੈਨਾਵਾਂ ਦੇ ਜਵਾਨਾਂ ਦੇ ਰਿਣੀ ਹਾਂ, ਜਿਹੜੇ ਦੂਰ ਦੁਰਾਡੇ ਸਰਹੱਦਾਂ ਦੀ ਰਖਵਾਲੀ ਲਈ ਬਹੁਤ ਬਹਾਦਰੀ ਨਾਲ ਲੜ੍ਹੇ ਅਤੇ ਉਨ੍ਹਾਂ ਵਿੱਚੋਂ ਕਈਆਂ ਨੇ ਦੇਸ਼ ਸੇਵਾ ਵਿੱਚ ਰਾਸ਼ਟਰ ਦੀ ਆਜ਼ਾਦੀ, ਏਕਤਾ ਅਤੇ ਅਖੰਡਤਾ ਲਈ ਮਹਾਨ ਬਲੀਦਾਨ ਦਿੱਤੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਕਿਹਾ ਕਿ ਇਸ ਦਿਨ ਦੇਸ਼ ਲਈ ਜਾਨ ਦੇਣ ਵਾਲੇ ਸੂਰਮਿਆਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਅਤੇ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਦਾਨ ਰਾਸ਼ੀ ਜਮ੍ਹਾਂ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਮੱਦਦ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਚੰਗੇ ਅਤੇ ਮਾੜੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ।
ਇਸ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਇਸ ਦਿਨ ਦੇਸ਼ ਦਾ ਹਰ ਨਾਗਰਿਕ, ਵਿਦਿਆਰਥੀਆਂ ਤੋਂ ਲੈ ਕੇ ਉਦਯੋਗਪਤੀਆਂ ਤੱਕ ਸਭ ਹਥਿਆਰਬੰਦ ਸੈਨਾਂ ਝੰਡਾ ਦਿਵਸ ਮਨਾਉਣ ਲਈ ਦਿਲ ਖੋਲ੍ਹ ਕੇ ਦਾਨ ਕਰਦੇ ਹਨ। ਦਾਨ ਵਜੋਂ ਇਕੱਠਾ ਕੀਤਾ ਹੋਇਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ। ਝੰਡਾ ਦਿਵਸ ਲਈ ਦਿੱਤਾ ਹੋਇਆ ਦਾਨ ਆਮਦਨ ਕਰ ਤੋਂ ਮੁਕਤ ਹੈ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਬਠਿੰਡਾ ਦੇ ਸੁਪਰਡੰਟ ਸ੍ਰੀ ਜਗਦੀਪ ਜਿੰਦਲ ਵੱਲੋਂ ਵੱਖ-ਵੱਖ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਦੇ ਬੈਜ ਅਤੇ ਹਥਿਆਰਬੰਦ ਝੰਡਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਸੂਬੇਦਾਰ ਸੁਖਵਿੰਦਰ ਸਿੰਘ, ਗਗਨਦੀਪ ਸਿੰਘ, ਜੂਨੀਅਰ ਸਹਾਇਕ ਅਤੇ ਸ੍ਰੀਮਤੀ ਰਮਨਦੀਪ ਕੌਰ, ਸਟੈਨੋ ਅਤੇ ਹੋਰ ਮੈਂਬਰ ਹਾਜ਼ਰ ਸਨ।