ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ ook
• 1250 ਵਿਦਿਆਰਥੀਆਂ ਨੂੰ ਵੰਡੀਆਂ ਨਜ਼ਰ ਦੀਆਂ ਐਨਕਾਂ : ਡਿਪਟੀ ਕਮਿਸ਼ਨਰ
• ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ
• ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ ਤੇ ਵ੍ਹੀਲ ਚੇਅਰ
• ਉਤਸ਼ਾਹ ਸਕੀਮ ਤਹਿਤ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਸਕਾਲਰਸ਼ਿਪ ਤੇ ਵੰਡੇ ਸਰਟੀਫ਼ਿਕੇਟ
• ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਰੰਗਾਂ-ਰੰਗ ਪ੍ਰੋਗਰਾਮ
ਬਠਿੰਡਾ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਈਆਂ ਜਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਹਾਂਡੀ ਹੋਟਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਭਾਰਤੀ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਰਾਈਫ਼ਲ ਐਸੋਸ਼ੀਏਸ਼ਨ ਬਠਿੰਡਾ ਅਤੇ ਜੋਤੀ ਫਾਊਡੇਸ਼ਨ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਹੋਰ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿਖੇ ਸ਼ੁਰੂ ਕੀਤੇ ਗਏ ਡਾਇਲਸੈਸ ਸੈਂਟਰ, ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਤੇ ਅਲਿਮਕੋ ਕੇਂਦਰ ਚਲਾਏ ਜਾ ਰਹੇ ਹਨ ਜਿਸ ਨਾਲ ਆਸ-ਪਾਸ ਜ਼ਿਲ੍ਹਿਆਂ ਦੇ ਆਮ ਲੋਕਾਂ ਨੂੰ ਕਾਫੀ ਰਾਹਤ ਮਿਲ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਟੇਟ ਪੱਧਰ ਤੇ ਮੱਲ੍ਹਾ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਲਈ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਸ਼ਸਨ ਵਲੋਂ ਉਤਸ਼ਾਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਦੀ ਹੀ ਨਹੀਂ ਸਗੋਂ ਭਾਰਤ ਦੀ ਪਹਿਲੀ ਅਜਿਹੀ ਸਕੀਮ ਹੈ, ਜਿਸ ਤਹਿਤ ਸਟੇਟ ਪੱਧਰ ਤੇ ਮੱਲ੍ਹਾ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਮਹੀਨਾਵਾਰ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ, ਇਸ ਤਹਿਤ ਅੱਜ ਇੱਥੇ 42 ਨੌਜਵਾਨਾਂ ਨੂੰ 48 ਹਜ਼ਾਰ ਰੁਪਏ ਪ੍ਰਤੀ ਮਹੀਨਾਂ 1 ਸਾਲ ਲਈ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਤਹਿਤ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਆਨਲਾਇਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਖਿਡਾਰੀਆਂ ਨੂੰ ਸਰਟੀਫਕੇਟ ਦੇ ਕੇ ਸਨਮਾਨਿਤ ਕੀਤੀ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋਤੀ ਫਾਊਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 3 ਬਲਾਕਾਂ ਦੇ ਸਰਕਾਰੀ ਸਕੂਲਾਂ ਦੇ ਲਗਭਗ 3400 ਵਿਦਿਆਰਥੀਆਂ ਚੈਕਅਪ ਕੀਤਾ ਗਿਆ ਸੀ, ਜਿਨ੍ਹਾਂ ਚੋਂ 1250 ਵਿਦਿਆਰਥੀਆਂ ਨੂੰ ਨਜ਼ਰ ਦੀਆਂ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਦੇ ਰਹਿੰਦੇ 3 ਬਲਾਕਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਜਲਦ ਚੈਕਅਪ ਕਰਕੇ ਨਜ਼ਰ ਦੀਆਂ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਰੰਗਾਂ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਨ੍ਹਾਂ ਦਾ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਤੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵ੍ਹੀਲ ਚੇਅਰ ਵੀ ਵੰਡੇ ਗਏ।
ਇਸ ਮੌਕੇ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜਸਬੀਰ ਕੌਰ, ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਐਮਸੀ ਸੁਖਦੀਪ ਸਿੰਘ ਢਿੱਲੋਂ, ਸ਼੍ਰੀ ਜਗਦੀਸ਼ ਵੜੈਚ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।