ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ
ਬਠਿੰਡਾ, 30 ਜਨਵਰੀ : ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ. ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ. ਜਸਪ੍ਰੀਤ ਸਿੰਘ ਇਸ ਸਮੇਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੋਂ ਇਲਾਵਾ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਵਧੀਕ ਸੀ.ਈ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਸ. ਜਸਪ੍ਰੀਤ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹਰ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਵਿਅਕਤੀ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਚੰਗਾ, ਸੁਚੱਜਾ ਅਤੇ ਭ੍ਰਿਸ਼ਾਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਅਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਅਮ ਮੌੜ ਸ਼੍ਰੀ ਵਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀਮਤੀ ਨੀਰੂ ਗਰਗ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।