ਵਿਧਾਇਕ ਵੱਲੋਂ ਜ਼ਿਲ੍ਹੇ ਚ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦਾ ਆਗਾਜ਼
ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਨਰਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ
ਬਠਿੰਡਾ, 14 ਫਰਵਰੀ : ( ਪੂਜਾ ਸਿੰਘ )
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਧੋਬੀਆਣਾ ਤੋਂ ਜ਼ਿਲ੍ਹੇ ਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ ਗਿਆ। ਇਹ ਵੈਨ ਨਰਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਮਾਪਿਆਂ ਨੂੰ ਜਾਗਰੂਕ ਕਰੇਗੀ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦਾ ਹਰ ਇਕ ਨੁਮਾਇੰਦਾ ਆਪਣਾ ਫਰਜ਼ ਪੂਰਾ ਕਰ ਰਿਹਾ ਹੈ। ਸਰਕਾਰ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ।
ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਵਧ ਤੋਂ ਵਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵੱਡਮੁੱਲੇ ਤਜ਼ਰਬੇ ਅਤੇ ਸਰਕਾਰੀ ਸਕੂਲਾਂ ਦੇ ਚੰਗੇ ਬੁਨਿਆਦੀ ਢਾਂਚੇ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਕਾਰੀ ਸਕੂਲਾਂ ਦਾ ਰਾਹ ਹੀ ਭੁੱਲ ਗਏ ਸਨ। ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਵੱਡੀ ਗਿਣਤੀ ਪ੍ਰਾਈਵੇਟ ਸਕੂਲ ਹੋਂਦ ਵਿੱਚ ਆਏ, ਜਦਕਿ ਨਾ ਤਾਂ ਬਹੁਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਰਗਾ ਢਾਂਚਾ ਹੈ ਤੇ ਨਾ ਹੀ ਚੰਗੇ ਅਧਿਆਪਕ ਹਨ, ਜਿਸ ਕਾਰਨ ਲੋਕਾਂ ਦੀ ਲੁੱਟ ਹੁੰਦੀ ਰਹੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆ ਕੇ ਦਿਖਾਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸਾਰੇ ਮਾਪੇ ਇਹ ਚਾਹੁਣਗੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਮਿਲੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਦਮਨੀ ਨੇ ਦੱਸਿਆ ਕਿ ਇਹ ਸਪੈਸ਼ਲ ਦਾਖ਼ਲਾ ਮੁਹਿੰਮ ਦੋ ਦਿਨ 14 ਅਤੇ 15 ਫਰਵਰੀ ਨੂੰ ਚੱਲੇਗੀ। ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਦਾਖ਼ਲ ਕਰਵਾਉਣ ਦੇ ਮੱਦੇਨਜ਼ਰ ਪ੍ਰਚਾਰ ਲਈ ਸਪੈਸ਼ਲ ਵੈਨ ਤਿਆਰ ਕੀਤੀ ਗਈ ਹੈ। ਇਹ ਵੈਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਕਲਾਸ ਵੀ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ 3 ਸਾਲ ਦੇ ਬੱਚੇ ਨੂੰ ਵੀ ਮਾਪੇ ਪੜ੍ਹਾਉਣ ਲਈ ਦਾਖ਼ਲ ਕਰਵਾ ਸਕਦੇ ਹਨ, ਜਦਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਐਲ.ਕੇ.ਜੀ ਅਤੇ ਯੂ.ਕੇ.ਜੀ ਲਈ ਦਾਖ਼ਲੇ ਹੁੰਦੇ ਸਨ।
ਇਸ ਮੌਕੇ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਡਿਪਟੀ ਡੀ.ਈ.ਓ ਸ਼੍ਰੀ ਮਹਿੰਦਰਪਾਲ ਸਿੰਘ, ਡਿਪਟੀ ਡੀ.ਈ.ਓ ਇਕਬਾਲ ਸਿੰਘ ਬਰਾੜ, ਆਪ ਆਗੂ ਸ. ਜਗਦੀਸ਼ ਸਿੰਘ ਵੜੈਂਚ ਅਤੇ ਹਰਮੰਦਰ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕ ਤੇ ਹੋਰ ਸਟਾਫ਼ ਆਦਿ ਹਾਜ਼ਰ ਸੀ।