You are currently viewing ਕੌਮੀ ਲੋਕ ਅਦਾਲਤ ਆਯੋਜਿਤ

ਕੌਮੀ ਲੋਕ ਅਦਾਲਤ ਆਯੋਜਿਤ

ਬਠਿੰਡਾ, 9 ਮਾਰਚ : ( ਪੂਜਾ ਸਿੰਘ )

ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਦੇ ਹੁਕਮਾਂ ਅਤੇ ਸ਼੍ਰੀ ਸੁਮੀਤ ਮਲਹੋਤਰਾ,ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਕਚਹਿਰੀ ਬਠਿੰਡਾ, ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਵਿਖੇ ਕੌਮੀ ਲੋਕ ਅਦਾਲਤ ਦਾ ਅਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟ੍ਰੈਫਿਕ ਚਲਾਨਾਂ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 20047 ਕੇਸ ਲਗਾਏ ਗਏ ਅਤੇ 11558 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 28,05,87,216.8/- ਰੁਪਏ ਦਾ ਅਵਾਰਡ ਪਾਸ ਕੀਤੇ ਗਏ। ਇਸ ਕੌਮੀ ਲੋਕ ਅਦਾਲਤ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਬਠਿੰਡਾ ਕਾਲਜ ਆਫ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਮਦਦ ਨਾਲ ਹੈਲਪ ਡੈਕਸ ਜਨਤਾ ਦੀ ਮਦਦ ਲਈ ਲਗਾਇਆ ਗਿਆ, ਜੋ ਕਿ ਕੌਮੀ ਲੋਕ ਅਦਾਲਤ ਵਿੱਚ ਆਉਣ ਵਾਲੇ ਵਿਆਕਤੀਆ ਲਈ ਲਾਹੇਵੰਦ ਸਾਬਿਤ ਹੋਇਆ ।

ਇਸ ਦੌਰਾਨ ਸ੍ਰੀ ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ.-ਸਹਿਤ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਵਾਉਣ।