ਜੇਲ੍ਹ ਵਿਚ ਵੀ ਕੇਜਰੀਵਾਲ ਦੇ ਹੌਸਲੇ ਬੁਲੰਦ
ਬਠਿੰਡਾ
ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜਿੱਥੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਉੱਥੇ ਹੀ ਪੰਜਾਬ ਦੀ ਸਿਆਸੀ ਸਥਿਤੀ ਤੋਂ ਸੁਨੀਤਾ ਕੇਜਰੀਵਾਲ ਨੂੰ ਜਾਣੂ ਕਰਵਾਇਆ। ਇਸ ਮੌਕੇ ਆਪ ਦੇ ਵਿਧਾਇਕ ਤੇ ਸੀਨੀਅਰ ਆਗੂ ਜਰਨੈਲ ਸਿੰਘ ਵੀ ਹਾਜ਼ਰ ਸਨ। ਜਤਿੰਦਰ ਭੱਲਾ ਨੇ ਦੱਸਿਆ ਕਿ ਇਸ ਮੌਕੇ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸੱਚੇ ਦੇਸ਼ ਭਗਤ ਹਨ ਅਤੇ ਜੇਲ੍ਹ ਵਿਚ ਵੀ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਲ੍ਹ ਵਿਚ ਬੈਠ ਕੇ ਵੀ ਪਾਰਟੀ ਦੀ ਮਜਬੂਤੀ ਅਤੇ ਲੋਕ ਭਲਾਈ ਲਈ ਪ੍ਰੋਗਰਾਮ ਉਲੀਕ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਕ ਸਮਾਜ ਸੇਵੀ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨਾਲ ਪੂਰੇ ਦੇਸ਼ ਅੰਦਰ ਭਾਜਪਾ ਖਿਲਾਫ ਰੋਸ ਦੀ ਲਹਿਰ ਫੈਲ ਰਹੀ ਹੈ। ਜਤਿੰਦਰ ਭੱਲਾ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਲੋਕਤੰਤਰ ਦੀ ਹੱਤਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ। ਪਰ ਪੂਰੇ ਦੇਸ਼ ਅੰਦਰ ਉਨ੍ਹਾਂ ਦੀ ਗਿਰਫਤਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਇਸ ਰੋਸ ਦਾ ਪ੍ਰਗਟਾਵਾ ਲੋਕ ਸਭਾ ਚੋਣਾਂ ਵਿਚ ਕਰਨਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਣਗੇ।