ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਮੁਕੰਮਲ : ਜਸਪ੍ਰੀਤ ਸਿੰਘ
• ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
o ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਤਲਵੰਡੀ ਸਾਬੋ (ਬਠਿੰਡਾ), 10 ਅਪ੍ਰੈਲ : ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਦੀਪਕ ਪਾਰੀਕ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਵਿਸਾਖੀ ਮੇਲੇ ਦੀਆਂ ਅਗਾਉਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਮੇਲੇ ਨੂੰ 6 ਸੈਕਟਰਾਂ ਚ ਵੰਡ ਕੇ ਡਿਊਟੀ ਮੈਜਿਸਟ੍ਰੇਟ ਲਗਾਏ ਗਏ ਹਨ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਨਾਲ ਮੇਲੇ ਚ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜੇਕਰ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ 01655-220241, 01655-220249 ਤੇ ਸੰਪਰਕ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੀਆਰਟੀਸੀ ਬੱਸਾਂ ਦਾ ਸਪੈਸ਼ਲ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਸਾਂ ਦੇ ਰੁਕਣ ਲਈ ਆਰਜੀ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ। ਇਨ੍ਹਾਂ ਆਰਜੀ ਬੱਸ ਸਟੈਂਡਾਂ ਤੋਂ ਮੱਥਾ ਟੇਕਣ ਵਾਸਤੇ ਸੰਗਤਾਂ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਐਨਡੀਆਰਐਫ਼ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਸਰੋਵਰਾਂ ਦੇ ਨੇੜੇ ਐਨਡੀਆਰਐਫ਼ ਤੇ ਗੋਤਾਖੋਰ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਸ ਦੌਰਾਨ ਉਨ੍ਹਾਂ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਗਰ ਪੱਤਲਾਂ ਚ ਵਰਤਾਇਆ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।
ਇਸ ਮੌਕੇ ਐਸਐਸਪੀ ਸ਼੍ਰੀ ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਵਲੋਂ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ, ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।