ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਮੀਟਿੰਗ
ਬਠਿੰਡਾ, 6 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸਾਂਝੇ ਕਰਦਿਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਕੋਲੋਂ ਚੋਣ ਪ੍ਰਕਿਰਿਆ ਸਬੰਧੀ ਲੋੜੀਂਦੇ ਸੁਝਾਅ ਵੀ ਲਏ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਤੋਂ ਇਲਾਵਾ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ 1 ਜੂਨ 2024 ਨੂੰ ਹੋਣਗੀਆਂ, ਜਿਸ ਦਾ ਨਤੀਜਾ 4 ਜੂਨ 2024 ਨੂੰ ਐਲਾਨਿਆ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੈ ਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆਂ 7 ਮਈ 2024 ਨੂੰ ਸਵੇਰੇ 11 ਤੋਂ ਦੁਪਿਹਰ 3 ਵਜੇ ਤੱਕ ਕੋਰਟ ਰੂਮ ਵਿਖੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇੱਕ ਉਮੀਦਵਾਰ 4 ਸੈੱਟ ਦਾਖਲ ਕਰ ਸਕਦਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ ਹੀ ਚੋਣ ਲੜ ਰਹੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਸਿਰਫ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ’ਚ ਕੋਈ ਨਾਮਜ਼ਦਗੀ ਨਹੀਂ ਲਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਮੀਦਵਾਰ ਸਮੇਤ 4 ਵਿਅਕਤੀ ਹੀ ਕੋਰਟ ਰੂਮ ਚ ਦਾਖਲ ਹੋ ਸਕਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 100 ਮੀਟਰ ਦੇ ਘੇਰੇ ਅੰਦਰ ਤਿੰਨ ਤੋਂ ਵੱਧ ਵਾਹਨ ਦਾਖਲ ਨਹੀਂ ਹੋ ਸਕਦੇ।
ਇਸ ਮੌਕੇ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇੱਕ ਉਮੀਦਵਾਰ 95 ਲੱਖ ਰੁਪਏ ਹੀ ਖਰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਟਰਾਂਗ ਰੂਮ, ਪੋਸਟਲ ਬੈਲਟ, ਸ਼ਿਕਾਇਤ ਸੈੱਲ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਟਾਰ ਕੰਪੇਨ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਆਉਦੀ ਹੈ ਤਾਂ ਉਹ ਦਫਤਰ ’ਚ ਹੈਲਪ ਡੈਸਕ ’ਤੇ ਆ ਕੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ, ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ, ਏਆਰਓ ਬਠਿੰਡਾ ਸ਼ਹਿਰੀ ਸ਼੍ਰੀਮਤੀ ਇਨਾਯਤ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
