ਲੋਕ ਸਭਾ ਚੋਣਾਂ-2024
ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ : ਜਸਪ੍ਰੀਤ ਸਿੰਘ
• 4 ਜੂਨ ਨੂੰ ਐਮਆਰਐਸਪੀਟੀਯੂ ਵਿਖੇ ਹੋਵੇਗੀ ਵੋਟਾਂ ਦੀ ਗਿਣਤੀ
• ਜ਼ਿਲ੍ਹਾ ਚੋਣ ਅਫਸਰ ਨੇ ਦੌਰਾ ਕਰਕੇ ਲਿਆ ਜਾਇਜ਼ਾ
• ਸਵੇਰੇ 8 ਵਜ਼ੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਬਠਿੰਡਾ, 3 ਜੂਨ : 18ਵੀਂ ਲੋਕ ਸਭਾ ਦੇ ਗਠਨ ਲਈ ਪਹਿਲੀ ਜੂਨ 2024 ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਸਵੇਰੇ 8 ਵਜੇ ਸ਼ੁਰੂ ਹੋਵੇਗੀ ਜਿਸ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਐਮਆਰਐਸਪੀਟੀਯੂ ਵਿਖੇ ਅਗਾਊਂ ਪ੍ਰਬੰਧਾਂ ਸਬੰਧੀ ਗਿਣਤੀ ਸੈਂਟਰਾਂ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ 11-ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਤੇ ਵਿਧਾਨ ਸਭਾ ਹਲਕਾ 98-ਬੁਢਲਾਡਾ (ਐਸਸੀ) ਲਈ ਪਈਆਂ ਵੋਟਾਂ ਦੀ ਗਿਣਤੀ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਕਰਵਾਈ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਮੌਕੇ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਨਿਰਵਿਘਨ ਬਿਜਲੀ, ਮੈਡੀਕਲ ਟੀਮਾਂ, ਵਹੀਕਲ ਪਾਰਕਿੰਗ, ਟ੍ਰੈਫਿਕ ਤੇ ਸੁਰੱਖਿਆ ਅਤੇ ਕਾਊਟਿੰਗ ਸਟਾਫ ਲਈ ਸਾਰੇ ਆਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।