ਕਿਸਾਨਾਂ ਨੂੰ ਡੀਏਪੀ ਖ਼ਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਡਿਪਟੀ ਕਮਿਸ਼ਨਰ
ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਚ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ
ਬਲਾਕ ਮੌੜ ਤੇ ਰਾਮਪੁਰਾ ਦੇ ਸਰਪੰਚਾਂ ਦੀਆਂ ਸੁਣੀਆਂ ਸਮੱਸਿਆਵਾਂ
ਅਧਿਕਾਰੀਆਂ ਨੂੰ ਬਕਾਇਆ ਕੰਮ ਨਾ ਰੱਖਣ ਦੇ ਦਿੱਤੇ ਆਦੇਸ਼
ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕੀਤੀ ਅਪੀਲ
ਬਠਿੰਡਾ, 11 ਨਵੰਬਰ (ਲਖਵਿੰਦਰ ਸਿੰਘ ਗੰਗਾ)
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਤੋਂ ਇਲਾਵਾ ਹਰ ਵਰਗ ਦੀ ਭਲਾਈ ਅਤੇ ਆਮ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਬਲਾਕ ਮੌੜ ਅਤੇ ਰਾਮਪੁਰਾ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਕਾਂਗਰਸੀ ਆਗੂ ਸ਼੍ਰੀਮਤੀ ਮੰਜੂ ਬਾਂਸਲ ਅਤੇ ਸ਼੍ਰੀ ਅਵਤਾਰ ਸਿੰਘ ਕਮਾਲੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਸੰਧੂ ਵਲੋਂ ਮੀਟਿੰਗ ਵਿਚ ਪਹੁੰਚੇ ਸਰਪੰਚਾਂ ਨਾਲ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਅਤੇ ਨਵੇਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੀਆਂ ਪਿੰਡਾਂ ਦੀਆਂ ਸਾਂਝੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਯੋਗ ਸਮੱਸਿਆਵਾਂ ਦਾ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਵਿਕਾਸ ਕਾਰਜ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਸ਼ੰਕਾਂ ਜਾਂ ਸਮੱਸਿਆਵ ਦਰਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਸਾਂਝੀਆਂ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਸਬੰਧੀ ਪ੍ਰਪੋਜ਼ਲਾਂ ਸਹੀਂ ਤਰੀਕੇ ਨਾਲ ਬਣਾਈਆਂ ਜਾਣ ਤਾਂ ਜੋ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਪੇਸ਼ ਆਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੀ ਰਿਪੋਰਟ ਵੀ ਜਲਦ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਬਲਾਕ ਮੌੜ ਤੇ ਰਾਮਪੁਰਾ ਦੇ ਪਿੰਡਾਂ ਵਿਚ 29.84 ਕਿਲੋਮੀਟਰ ਨਵੀਂਆਂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ।
ਬੈਠਕ ਦੌਰਾਨ ਪਹੁੰਚੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵਲੋਂ ਨਹਿਰੀ ਅਤੇ ਸਾਫ਼ ਪੀਣ ਵਾਲੇ ਪਾਣੀ, ਬਿਜਲੀ, ਸੀਵਰੇਜ਼, ਜਲ ਘਰਾਂ ਦੀਆਂ ਸਮੱਸਿਆਵਾਂ, ਲਿੰਕ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਪੱਕੀਆਂ ਕਰਨ, ਕਈ ਪਿੰਡਾਂ ਦੀਆਂ ਡਿਸਪੈਂਸਰੀਆਂ ਦੀਆਂ ਖ਼ਸਤਾ ਇਮਾਰਤਾਂ ਤੋਂ ਇਲਾਵਾ ਰਾਮਾਂ ਮੰਡੀ ਵਿਖੇ ਬਨਣ ਵਾਲੇ ਅੰਡਰ ਬ੍ਰਿਜ਼ ਆਦਿ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਡੀਏਪੀ ਖ਼ਾਦ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੀਆਂ ਇਮਾਰਤਾਂ ਅਤੇ ਹੋਰ ਸਮੱਸਿਆਵਾਂ ਸਬੰਧੀ ਰਿਪੋਰਟ ਜਲਦ ਤਿਆਰ ਕਰਕੇ ਭੇਜੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਾਵਰਕੌਮ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾ ਕੇ ਯੋਗ ਲੋਕਾਂ ਦੇ ਫਾਰਮ ਭਰਵਾਏ ਜਾਣ ਤਾਂ ਜੋ ਜਿੰਨ੍ਹਾਂ ਲੋਕਾਂ ਦੇ ਬਿੱਲਾਂ ਦੇ ਬਕਾਏ ਖੜੇ ਹਨ ਉਹ ਜਲਦ ਮੁਆਫ ਕਰਵਾਏ ਜਾ ਸਕਣ। ਇਸ ਮੌਕੇ ਉਨ੍ਹਾਂ ਸਰਪੰਚਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ, ਐਸਡੀਐਮ ਕੰਵਰਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਲਜੀਤ ਸਿੰਘ ਸੰਦੋਹਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਤੋਂ ਇਲਾਵਾ ਸਬੰਧਤ ਤਹਿਸੀਲਦਾਰ ਅਤੇ ਬੀਡੀਪੀਓਜ਼ ਆਦਿ ਹਾਜ਼ਰ ਸਨ।